ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮਾਨ

0
23

ਸੰਗਰੂਰ (ਪ੍ਰਵੀਨ ਸਿੰਘ)-ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ। ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ, ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾ ਕਿਹਾ ਕਿ ਕੂੜੇ ਦੇ ਢੇਰ, ਸਟਰੀਟ ਲਾਈਟਾਂ, ਸੀਵਰੇਜ ਦੀਆਂ ਸਮੱਸਿਆਵਾਂ ਨਾਲ ਸੰਬੰਧਤ ਜਾਂ ਹੋਰ ਸਾਰੇ ਮੁੱਦੇ ਜਲਦੀ ਹੀ ਹੱਲ ਕਰ ਦਿੱਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਏ ਆਈ ਤਕਨਾਲੋਜੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਤਕਨਾਲੋਜੀ ਦੀ ਖਬਤ ਕਾਰਨ ਉਹ ਆਪਣੇ ਅਸਲ ਕੰਮਾਂ ਤੋਂ ਭਟਕ ਰਹੇ ਹਨ। ਉਨ੍ਹਾ ਕਿ ‘ਆਪ’ ਦੇਸ਼ ਭਰ ਵਿੱਚ ਆਪਣੇ ਪੈਰ ਪਸਾਰ ਰਹੀ ਹੈ ਅਤੇ ਇਸ ਦੇ ਉਲਟ ਅਕਾਲੀ ਦਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਮਹਿਜ਼ ਦੋ ਜਾਂ ਤਿੰਨ ਸੀਟਾਂ ਹੀ ਪ੍ਰਾਪਤ ਕਰ ਸਕੀ ਹੈ। ਉਹਨਾ ਕਿਹਾ ਕਿ ਆਪਣੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ‘ਆਪ’ ਨੂੰ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲਿਆ ਹੈ।