ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਪਾਰਟੀ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੋਮਵਾਰ ਪਾਰਟੀ ਦੀ ਮੌਜੂਦਾ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਫਿਲਹਾਲ, ਉਨ੍ਹਾ ਇਹ ਸਪੱਸ਼ਟ ਨਹੀਂ ਕੀਤਾ ਕਿ ਉਨ੍ਹਾ ਦੀ ਮੁਲਾਕਾਤ ਕਿਸ ਸੰਬੰਧ ’ਚ ਹੋਈ ਹੈ। ਲੋਕ ਸਭਾ ਮੈਂਬਰ ਥਰੂਰ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਅਜਿਹੇ ਸਮੇਂ ’ਚ ਕੀਤੀ ਹੈ, ਜਦੋਂ ਹਾਲ ਹੀ ’ਚ ਉਨ੍ਹਾ ਅਜਿਹੇ ਸੰਕੇਤ ਦਿੱਤੇ ਸਨ ਕਿ ਉਹ ਪ੍ਰਧਾਨ ਦੇ ਅਹੁਦੇ ਦੀ ਚੋਣ ਲੜ ਸਕਦੇ ਹਨ। ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਨੋਟੀਫਿਕੇਸ਼ਨ 22 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 24 ਤੋਂ 30 ਸਤੰਬਰ ਤੱਕ ਚੱਲੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਰੀਕ 8 ਅਕਤੂਬਰ ਹੈ। ਇਕ ਤੋਂ ਜ਼ਿਆਦਾ ਉਮੀਦਵਾਰ ਹੋਣ ’ਤੇ 17 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜਾ 19 ਅਕਤੂਬਰ ਨੂੰ ਐਲਾਨਿਆ ਜਾਵੇਗਾ।