ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ | ਇਹ ਜਾਣਕਾਰੀ ਪੁਲਸ ਪ੍ਰਸ਼ਾਸਨ ਵੱਲੋਂ ਸਾਂਝੀ ਕੀਤੀ ਗਈ ਹੈ | ਵੇਰਵਿਆਂ ਅਨੁਸਾਰ ਇਹ ਹਾਦਸਾ ਪਿੰਡ ਬੋੜਾ ਵਿੱਚ ਵਾਟਰ ਸਪਲਾਈ ਦਫ਼ਤਰ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਇਹ ਚਾਰੇ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਗੜ੍ਹਸ਼ੰਕਰ ਵੱਲ ਜਾ ਰਹੇ ਸਨ | ਪੁਲਸ ਅਨੁਸਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦ ਕਿ ਚੌਥਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ | ਸੂਚਨਾ ਮਿਲਣ ‘ਤੇ ਪੁਲਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਭੇਜਿਆ |




