ਸਿੱਖ ਸੰਸਥਾ ਦੇ ਪ੍ਰਬੰਧਾਂ ‘ਚ ਦਖ਼ਲ ਦੀ ਇਜਾਜ਼ਤ ਨਹੀਂ ਦਿਆਂਗੇ : ਧਾਮੀ

0
25

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਿੱਚਰਵਾਰ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਮੁਲਾਜ਼ਮਾਂ ਵੱਲੋਂ ਕੀਤੀ ਕਿਸੇ ਵੀ ਕੁਤਾਹੀ ਲਈ ਉਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹਨ ਅਤੇ ਸਿੱਖ ਸੰਸਥਾ ਦੇ ਮੁਖੀ ਹੁੰਦਿਆਂ ਉਹ ਸਰਕਾਰ ਨੂੰ ਕਿਸੇ ਤਰ੍ਹਾਂ ਦੇ ਦਖਲ ਦੀ ਇਜਾਜ਼ਤ ਨਹੀਂ ਦੇਣਗੇ |
ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਕਿਹਾ ਕਿ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਹੁੰਦਿਆਂ ਇਸ ਦੀਆਂ ਰਵਾਇਤਾਂ ਤੇ ਅਧਿਕਾਰਾਂ ਦੀ ਰਖਵਾਲੀ ਕਰਨਾ ਉਨ੍ਹਾ ਦਾ ਫਰਜ਼ ਹੈ ਅਤੇ ਪੰਜਾਬ ਸਰਕਾਰ ਨੂੰ ਹਰਗਿਜ ਇਸ ਵਿਚ ਸਿਆਸੀ ਦਖਲ ਨਹੀਂ ਦੇਣ ਦਿੱਤਾ ਜਾਵੇਗਾ | ਉਨ੍ਹਾ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਦੀ ਧਾਰਾ 142 ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਲਈ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨਰ ਕਾਰਜਸ਼ੀਲ ਹੈ | ਕਿਸੇ ਵੀ ਮੁਲਾਜ਼ਮ ਵੱਲੋਂ ਕੀਤੀ ਪ੍ਰਬੰਧਕੀ ਅਣਗਹਿਲੀ ਦੀ ਸੁਣਵਾਈ ਲਈ ਇਹ ਪ੍ਰਬੰਧ ਹਰ ਪੱਖ ਤੋਂ ਮੁਕੰਮਲ ਹੈ, ਜਿਸ ਦੀ ਉਲੰਘਣਾ ਕਰਕੇ ਪੰਜਾਬ ਸਰਕਾਰ ਕਾਨੂੰਨ ਅਤੇ ਐਕਟ ਦੀ ਭਾਵਨਾ ਦੀ ਮਾਣਹਾਨੀ ਕਰ ਰਹੀ ਹੈ |