ਨਵੀਂ ਦਿੱਲੀ : ਵੈਨੇਜ਼ੂਏਲਾ ਵਿੱਚ ਅਮਰੀਕੀ ਫੌਜੀ ਕਾਰਵਾਈ ਅਤੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਹਿਰਾਸਤ ਤੋਂ ਬਾਅਦ ਪੈਦਾ ਹੋਏ ਹਾਲਾਤ ‘ਤੇ ਭਾਰਤ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ |
ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ਵਿੱਚ ਅਮਰੀਕਾ ਦੀ ਸਿੱਧੀ ਨਿੰਦਾ ਕਰਨ ਤੋਂ ਗੁਰੇਜ਼ ਕਰਦਿਆਂ ‘ਸਾਰੇ ਸੰਬੰਧਤ ਪੱਖਾਂ’ ਨੂੰ ਆਪਸੀ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦਾ ਸੱਦਾ ਦਿੱਤਾ ਹੈ |
ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦਾ ਸਮਰਥਨ ਕਰਦਾ ਹੈ ਅਤੇ ਵੈਨੇਜ਼ੂਏਲਾ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਫਿਕਰਮੰਦ ਹੈ | ਦੂਜੇ ਪਾਸੇ, ਵੈਨੇਜ਼ੂਏਲਾ ਵਿੱਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਸਖਤ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ | ਭਾਰਤੀਆਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ |




