ਅੰਮਿ੍ਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੋਲਕ ਨਾਲ ਜੁੜੇ ਇੱਕ ਮਾਮਲੇ ‘ਚ ਦਿੱਤੇ ਗਏ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਤਲਬ ਕਰ ਲਿਆ ਹੈ | ਜਥੇਦਾਰ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ |
ਹਾਲ ਹੀ ‘ਚ ਮੁੱਖ ਮੰਤਰੀ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਸੀ ਕਿ ਇਹ ਸੰਸਥਾਵਾਂ ਆਪਣੇ ਗਲਤ ਕੰਮਾਂ ਨੂੰ ਛੁਪਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੀਆਂ ਹਨ | ਮੁੱਖ ਮੰਤਰੀ ਨੇ ਇਹ ਬਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਦਿੱਤਾ ਸੀ | ਉਨ੍ਹਾ ਕਿਹਾ ਸੀ ਕਿ ਏਨੀਆਂ ਗੰਭੀਰ ਬੇਨਿਯਮੀਆਂ ਦੇ ਬਾਵਜੂਦ ਲੰਮੇ ਸਮੇਂ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ | ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਸੂਬਾ ਸਰਕਾਰ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਮਾਮਲੇ ‘ਚ ਐੱਫ ਆਈ ਆਰ ਦਰਜ ਕੀਤੀ ਹੈ ਅਤੇ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਗਿਆ ਹੈ | ਇਨ੍ਹਾਂ ਬਿਆਨਾਂ ਨੂੰ ਲੈ ਕੇ ਹੀ ਹੁਣ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ | ਸ੍ਰੀ ਅਕਾਲ ਤਖਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਮੁੱਖ ਮੰਤਰੀ ਦੇ ਨਾਂਅ ਇਸ ਸੰਬੰਧੀ ਪੱਤਰ ਭੇਜ ਦਿੱਤਾ ਗਿਆ ਹੈ | ਇਸ ਪੱਤਰ ਵਿੱਚ ਉਨ੍ਹਾ ‘ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾ ਸ੍ਰੀ ਅਕਾਲ ਤਖਤ ਦੀ ਸਰਬਉੱਚਤਾ, ਮਾਣ-ਮਰਿਆਦਾ ਅਤੇ ਗੁਰੂ ਦੀ ਗੋਲਕ ਦੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ | ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਕੁਝ ਇਤਰਾਜ਼ਯੋਗ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਐਕਸ਼ਨ ਕਰਦੇ ਦਿਖਾਈ ਦੇ ਰਹੇ ਹਨ | ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਇੱਕ ਉੱਚ ਸੰਵਿਧਾਨਕ ਅਹੁਦੇ ‘ਤੇ ਬੈਠੇ ਹਨ, ਪਰ ਉਨ੍ਹਾ ਦਾ ਅਜਿਹਾ ਵਤੀਰਾ ਰਾਜ ਹੈਂਕੜ ਦਾ ਪ੍ਰਗਟਾਵਾ ਕਰਦਾ ਹੈ | ਪੱਤਰ ਵਿੱਚ ਕਿਹਾ ਗਿਆ ਹੈ ਕਿ ਪਤਿਤ ਹੋਣ ਕਾਰਨ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖਤ ਦੇ ਸਨਮੁੱਖ ਨਹੀਂ ਸੱਦਿਆ ਜਾ ਸਕਦਾ | ਇਸ ਲਈ ਉਨ੍ਹਾ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਵਾਸਤੇ ਤਲਬ ਕੀਤਾ ਗਿਆ ਹੈ |
ਨਿਮਾਣੇ ਸਿੱਖ ਵਜੋਂ ਨੰਗੇ ਪੈਰ ਪੁੱਜਾਂਗਾ : ਮਾਨ
ਮੁੱਖ ਭਗਵੰਤ ਮਾਨ ਨੇ ਕਿਹਾ ਹੈ, ”ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ, ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ, ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਜੀ, ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਸਾਹਿਬ ਵਿਖੇ ਕਾਨਫਰੰਸ ‘ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ ਹੈ, ਕਿਉਂਕਿ ਮੇਰੇ ਲਈ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖਤ ਸਾਹਿਬ ਜੀ ਅਤੇ ਉਸ ਪਾਵਨ ਤਖਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ..ਸੀ.. ਤੇ ਹਮੇਸ਼ਾ ਰਹੇਗਾ.. |”





