ਲਾਰੈਂਸ ਬਿਸ਼ਨੋਈ ਸਰਕਾਰ ਦੇ ਇਸ਼ਾਰੇ ‘ਤੇ ਜੇਲ੍ਹ ‘ਚੋਂ ਨੈੱਟਵਰਕ ਚਲਾ ਰਿਹੈ : ਕੈਨੇਡਾ

0
3

ਚੰਡੀਗੜ੍ਹ : ਕੈਨੇਡਾ ਦੀ ਕੌਮੀ ਪੁਲਸ ‘ਰਾਇਲ ਕੈਨੇਡੀਅਨ ਮਾਊਂਟਿਡ ਪੁਲਸ’ (ਆਰ ਸੀ ਐੱਮ ਪੀ) ਦੀ ਇੱਕ ਗੁਪਤ ਰਿਪੋਰਟ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਨੂੰ ਹੋਰ ਵਧਾ ਦਿੱਤਾ ਹੈ। ‘ਗਲੋਬਲ ਨਿਊਜ਼’ ਵੱਲੋਂ ਨਸ਼ਰ ਕੀਤੀ ਗਈ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਦੇ ਅੰਦਰੋਂ ਹੀ ਆਪਣਾ ਅਪਰਾਧਕ ਨੈੱਟਵਰਕ ਚਲਾ ਰਿਹਾ ਹੈ। ਰਿਪੋਰਟ ਵਿੱਚ ਸਭ ਤੋਂ ਹੈਰਾਨੀਜਨਕ ਦਾਅਵਾ ਇਹ ਕੀਤਾ ਗਿਆ ਹੈ ਕਿ ਬਿਸ਼ਨੋਈ ਗੈਂਗ ‘ਭਾਰਤ ਸਰਕਾਰ ਦੇ ਇਸ਼ਾਰੇ ‘ਤੇ’ ਕੈਨੇਡਾ ਵਿੱਚ ਸਿੱਖ ਵੱਖਵਾਦੀਆਂ ਅਤੇ ਹੋਰ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਰਿਪੋਰਟ ਅਨੁਸਾਰ, ਲਾਰੈਂਸ ਬਿਸ਼ਨੋਈ ਸਾਲ 2015 ਤੋਂ ਜੇਲ੍ਹ ਵਿੱਚ ਹੈ ਪਰ ਉਹ ਉੱਥੋਂ ਹੀ ਕੈਨੇਡਾ ਵਿੱਚ ਜਬਰਨ ਉਗਰਾਹੀ, ਨਸ਼ਾ ਤਸਕਰੀ ਅਤੇ ਕੰਟਰੈਕਟ ਕਿਲਿੰਗ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਇਹ ਵੀ ਕਿਹਾ ਗਿਆ ਹੈ ਕਿ ਬਿਸ਼ਨੋਈ ਆਪਣੇ ਸਾਥੀ ਗੋਲਡੀ ਬਰਾੜ (ਸਤਿੰਦਰਜੀਤ ਸਿੰਘ) ਨਾਲ ਮਿਲ ਕੇ ਭਾਰਤ, ਉੱਤਰੀ ਅਮਰੀਕਾ ਅਤੇ ਯੂਰਪ ਸਮੇਤ ਕਈ ਦੇਸ਼ਾਂ ਵਿੱਚ ਫੈਲੇ ਆਪਣੇ 700 ਮੈਂਬਰਾਂ ਦੇ ਗੈਂਗ ਨੂੰ ਨਿਰਦੇਸ਼ ਦੇ ਰਿਹਾ ਹੈ। ਕੈਨੇਡੀਅਨ ਪੁਲਸ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਅਤੇ ਸੁਖਦੂਲ ਸਿੰਘ ਵਰਗੇ ਨੇਤਾਵਾਂ ਦੇ ਕਤਲ ਵਿੱਚ ਇਸੇ ਗੈਂਗ ਦਾ ਹੱਥ ਸੀ।
ਭਾਰਤ ਸਰਕਾਰ ਨੇ ਪਹਿਲਾਂ ਵੀ ਅਜਿਹੇ ਦੋਸ਼ਾਂ ਨੂੰ ਸਖਤੀ ਨਾਲ ਖਾਰਜ ਕੀਤਾ ਸੀ। ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦਾਅਵਿਆਂ ਨੂੰ ‘ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰੇਰਤ’ ਕਰਾਰ ਦਿੱਤਾ ਸੀ। ਇਸ ਵਿਵਾਦ ਦੇ ਚੱਲਦਿਆਂ ਭਾਰਤ ਪਹਿਲਾਂ ਹੀ ਆਪਣੇ ਛੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਚੁੱਕਾ ਹੈ ਅਤੇ ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਹੁਕਮ ਦੇ ਚੁੱਕਾ ਹੈ।
ਗੁਜਰਾਤ ਜੇਲ੍ਹ ਵਿਭਾਗ ਜਾਂ ਭਾਰਤੀ ਹਾਈ ਕਮਿਸ਼ਨ ਵੱਲੋਂ ਅਜੇ ਤੱਕ ਇਸ ਤਾਜ਼ਾ ਰਿਪੋਰਟ ‘ਤੇ ਕੋਈ ਅਧਿਕਾਰਤ ਟਿੱਪਣੀ ਨਹੀਂ ਆਈ ਹੈ। ਇਹ ਖੁਲਾਸਾ ਅਜਿਹੇ ਸਮੇਂ ਹੋਇਆ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਮੁੜ ਸ਼ੁਰੂ ਹੋਣ ਦੀ ਉਮੀਦ ਜਤਾਈ ਜਾ ਰਹੀ ਸੀ, ਪਰ ਆਰ ਸੀ ਐੱਮ ਪੀ ਦੀ ਇਸ ਰਿਪੋਰਟ ਨੇ ਇੱਕ ਵਾਰ ਫਿਰ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕੁੜੱਤਣ ਵਧਾ ਦਿੱਤੀ ਹੈ।
ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡੀਅਨ ਜਾਂਚ ਏਜੰਸੀਆਂ ਕੋਲ ਅਜਿਹੀਆਂ ਗੁਪਤ ਜਾਣਕਾਰੀਆਂ ਹਨ, ਜੋ ਸੀਨੀਅਰ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ ਅਪਰਾਧਕ ਗਤੀਵਿਧੀਆਂ ਨਾਲ ਜੋੜਦੀਆਂ ਹਨ।