ਸ੍ਰੀ ਮੁਕਤਸਰ ਸਾਹਿਬ (ਸ਼ਮਿੰਦਰਪਾਲ/ਪੂਜਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗਰੰਥ ਸਾਹਿਬ ਦੇ ਗੁੰਮ ਹੋਏ 325 ਸਰੂਪਾਂ ਦੇ ਬਾਰੇ ਬੁੱਧਵਾਰ ਅਹਿਮ ਖੁਲਾਸਾ ਕਰਦਿਆਂ ਕਿਹਾ ਕਿ ਨਵਾਂ ਸ਼ਹਿਰ ਦੇ ਬੰਗਾ ਲਾਗਿਓਂ ਇੱਕ ਧਰਮ ਸਥਾਨ ਤੋਂ ਸ੍ਰੀ 169 ਸਰੂਪ ਮਿਲੇ ਹਨ, ਜਿਨ੍ਹਾਂ ‘ਚੋਂ ਸਿਰਫ 30 ਸਰੂਪਾਂ ਦਾ ਹੀ ਰਿਕਾਰਡ ਮਿਲਿਆ ਹੈ। ਆਮ ਆਦਮੀ ਪਾਰਟੀ ਦੀ ਮਾਘੀ ਕਾਨਫਰੰਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ 139 ਸਰੂਪਾਂ ਦਾ ਕੋਈ ਰਿਕਾਰਡ ਹੀ ਨਹੀਂ ਹੈ।
ਮਾਨ ਨੇ ਇਹ ਖੁਲਾਸਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਐਨ ਇੱਕ ਦਿਨ ਪਹਿਲਾਂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਰਮਚਾਰੀਆਂ ਤੋਂ ਪੁੱਛ-ਗਿੱਛ ਦੌਰਾਨ ਅਹਿਮ ਸੁਰਾਗ ਮਿਲੇ ਸਨ। ਉਨ੍ਹਾ ਕਿਹਾ ਕਿ ਗੁੰਮ ਹੋਏ ਬਾਕੀ ਸਰੂਪਾਂ ਦਾ ਵੀ ਜਲਦ ਪਤਾ ਲਗਾਇਆ ਜਾਵੇਗਾ। ਪਤਾ ਲੱਗਿਆ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਮੰਗਲਵਾਰ ਹੀ ਗੁੰਮ ਹੋਏ ਸਰੂਪਾਂ ‘ਚੋਂ ਕੁੱਝ ਦਾ ਪਤਾ ਲਗਾਇਆ। ਮਾਨ ਨੇ ਮਾਘੀ ਕਾਨਫਰੰਸ ਦੇ ਮੌਕੇ ਇਸ ਦਾ ਖੁਲਾਸਾ ਕੀਤੇ ਜਾਣ ਨੂੰ ਢੁੱਕਵਾਂ ਮੌਕਾ ਸਮਝਿਆ। ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਛਪਾਈ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਹੁੰਦੀ ਹੈ। ਮਾਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲੈਂਦਿਆਂ ਬਰਗਾੜੀ ‘ਚ ਹੋਈ ਬੇਅਦਬੀ ਦੇ ਮਾਮਲੇ ਦੀ ਗੱਲ ਵੀ ਕੀਤੀ।
ਮਾਨ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਪ੍ਰਬੰਧ ਕਰੇਗੀ।ਉਹਨਾ ਕਿਹਾ ਕਿ ਪਿਛਲੀਆਂ ਸਰਕਾਰਾਂ ਕਮਜ਼ੋਰ ਯਾਦਾਸ਼ਤ ਤੋਂ ਪੀੜਤ ਹਨ ਅਤੇ ਚੋਣਾਂ ਤੋਂ ਬਾਅਦ ਪੰਜਾਬ ਨੂੰ ਲੁੱਟਣ ਲਈ ਸਿਰਫ਼ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾ ਕਿਹਾ ‘ਝਾੜੂ’, ਜੋ ਕਿ ‘ਆਪ’ ਦਾ ਪ੍ਰਤੀਕ ਹੈ, ਨੇ ਸਿਆਸੀ ਪ੍ਰਣਾਲੀ ਨੂੰ ਸਾਫ਼ ਕਰ ਦਿੱਤਾ ਹੈ ਅਤੇ ਇਸੇ ਕਰਕੇ ਰਵਾਇਤੀ ਪਾਰਟੀਆਂ ਹੈਰਾਨ ਹਨ। ਅਕਾਲੀਆਂ ਵੱਲੋਂ ਕਿਰਾਏ ‘ਤੇ ਲਈਆਂ ਗਈਆਂ ਬੱਸਾਂ ਵਿੱਚ ਲਿਆਂਦੇ ਗਏ ਲੋਕ ਵੀ ‘ਆਪ’ ਰੈਲੀ ਵਿੱਚ ਸ਼ਾਮਲ ਹੋਏ ਹਨ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘ਇਸ ਰੈਲੀ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਸਪੱਸ਼ਟ ਦਰਸਾਉਂਦੀ ਹੈ ਕਿ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਇੱਕ ਹੋਰ ਮੌਕਾ ਦੇਣ ਦਾ ਮਨ ਬਣਾ ਲਿਆ ਹੈ।’
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ ਟੀ ਓ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂ ਚੱਕ, ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਬਲਜਿੰਦਰ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਹੋਰ ਵੀ ਹਾਜ਼ਰ ਸਨ।




