ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗੈਰ-ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ। ਹਾਲਾਂਕਿ ਇਸ ਤੋਂ ਪਹਿਲਾਂ ਗਵਰਨਰ ਨੇ ਇਸ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਸੀ। ਰਾਜਪਾਲ ਨੇ ਪੱਤਰ ਜਾਰੀ ਕਰਕੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਅਜਲਾਸ ਨੂੰ ਰੱਦ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਅਜਲਾਸ ਨੂੰ ਰੱਦ ਕਰਨ ਲਈ ਰਾਜਪਾਲ ਨੂੰ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਇਸ ਵਿਸ਼ੇਸ਼ ਸੈਸ਼ਨ ਨੂੰ ਅਸੰਵਿਧਾਨਕ ਦੱਸਦਿਆਂ ਕਿਹਾ ਸੀ ਕਿ ਸਦਨ ਦੀ ਕਾਰਜਪ੍ਰਣਾਲੀ ਅਤੇ ਕੰਮਕਾਜ ਦੇ ਨਿਯਮਾਂ ਤਹਿਤ ਭਰੋਸੇ ਦੇ ਮਤੇ ਦੀ ਕੋਈ ਵਿਵਸਥਾ ਨਹੀਂ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਮਤ ਸਾਬਤ ਕਰਨ ਲਈ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।