ਚੰਡੀਗੜ੍ਹ : ਪ੍ਰੀਖਿਆਵਾਂ ਵਿੱਚ ਨਕਲ ਅਤੇ ਗਲਤ ਤਰੀਕਿਆਂ ਦੀ ਵਰਤੋਂ ਨੂੰ ਰੋਕਣ ਅਤੇ ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਤੇ ਮਿਆਰ ਨੂੰ ਬਰਕਰਾਰ ਰੱਖਣ ਲਈ ਪੰਜਾਬ ਯੂਨੀਵਰਸਿਟੀ ਨੇ ਆਪਣੇ ਸਾਰੇ ਸੰਵਿਧਾਨਕ ਅਤੇ ਮਾਨਤਾ ਪ੍ਰਾਪਤ ਕਾਲਜਾਂ ਨੂੰ ਅਗਲੀਆਂ ਸਾਲਾਨਾ ਪ੍ਰੀਖਿਆਵਾਂ (ਮਈ 2026) ਤੋਂ ਪਹਿਲਾਂ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਯੂਨੀਵਰਸਿਟੀ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਕਾਲਜ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣਗੇ, ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਨਹੀਂ ਬਣਾਇਆ ਜਾਵੇਗਾ।
ਪੰਜਾਬ ਯੂਨੀਵਰਸਿਟੀ ਦਾ ਇਹ ਫੈਸਲਾ ਯੂਨੀਵਰਸਿਟੀ ਦੇ ਰਜਿਸਟਰਾਰ ਯਜਵੇਂਦਰ ਪਾਲ ਵਰਮਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਦੀ ਪ੍ਰਬੰਧਕੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਪੇਸ਼ ਕੀਤਾ ਗਿਆ।
ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਯੂਨੀਵਰਸਿਟੀ ਅਤੇ ਪ੍ਰੀਖਿਆ ਕੰਟਰੋਲਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਸਾਰੇ ਸੰਬੰਧਤ ਕਾਲਜਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਉਣ ਨੂੰ ਯਕੀਨੀ ਬਣਾਉਣ, ਤਾਂ ਜੋ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਬਣੀ ਰਹੇ। ਰਜਿਸਟਰਾਰ ਵੱਲੋਂ ਦਾਇਰ ਹਲਫ਼ਨਾਮੇ ਨੂੰ ਰਿਕਾਰਡ ‘ਤੇ ਲੈਂਦਿਆਂ ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਹੋਰ ਕਿਸੇ ਹੁਕਮ ਦੀ ਲੋੜ ਨਹੀਂ ਅਤੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।




