ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਛੇੜਛਾੜ ਵਾਲੇ ਵੀਡੀਓ ਨਾਲ ਸੰਬੰਧਤ ਮਾਮਲੇ ਵਿੱਚ ਅਦਾਲਤ ਦੁਆਰਾ ਫੋਰੈਂਸਿਕ ਰਿਪੋਰਟ ਦੇ ਅਧਾਰ ‘ਤੇ ਜਾਰੀ ਕੀਤੇ ਹੁਕਮਾਂ ‘ਤੇ ਸ਼ੱਕ ਜਤਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਪੁਲਸ ਦੀ ਫੋਰੈਂਸਿਕ ਰਿਪੋਰਟ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਮੁੱਦਾ ਹੁਣ ਸਿਆਸੀ ਅਸਹਿਮਤੀ ਤੋਂ ਕਿਤੇ ਅੱਗੇ ਵਧ ਚੁੱਕਾ ਹੈ ਅਤੇ ਇਹ ਸਿੱਧੇ ਤੌਰ ‘ਤੇ ਅਦਾਲਤੀ ਹੁਕਮਾਂ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।ਅਰੋੜਾ ਨੇ ਸਪੱਸ਼ਟ ਕੀਤਾ ਕਿ ਮਾਣਯੋਗ ਅਦਾਲਤ ਨੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਵੱਲੋਂ ਪੇਸ਼ ਕੀਤੀਆਂ ਫੋਰੈਂਸਿਕ ਰਿਪੋਰਟਾਂ ਦੀ ਜਾਂਚ ਕਰਨ ਤੋਂ ਬਾਅਦ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਵਾਇਰਲ ਹੋਈ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਸਲ ਆਡੀਓ ਵਿੱਚ ਕੋਈ ਵੀ ਇਤਰਾਜ਼ਯੋਗ ਸ਼ਬਦ ਮੌਜੂਦ ਨਹੀਂ ਸੀ। ਇਸੇ ਸਿੱਟੇ ਦੇ ਆਧਾਰ ‘ਤੇ ਅਦਾਲਤ ਨੇ ਵੀਡੀਓ ਨੂੰ ਹਟਾਉਣ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬਲਾਕ ਕਰਨ ਦੇ ਹੁਕਮ ਦਿੱਤੇ ਸਨ।
ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਗੱਲਾਂ ਦਾ ਜਵਾਬ ਦਿੰਦਿਆਂ ‘ਆਪ’ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਝੂਠੇ ਬਿਰਤਾਂਤ ਨੂੰ ਦੁਹਰਾਉਣ ਨਾਲ ਅਦਾਲਤੀ ਤੱਥ ਨਹੀਂ ਬਦਲ ਸਕਦੇ। ਉਨ੍ਹਾ ਕਿਹਾ ਕਿ ਅਦਾਲਤ ਨੇ ਫੋਰੈਂਸਿਕ ਸਬੂਤਾਂ ਦੀ ਜਾਂਚ ਕੀਤੀ ਅਤੇ ਆਪਣਾ ਨਤੀਜਾ ਦਰਜ ਕੀਤਾ।
ਕਾਂਗਰਸੀ ਆਗੂ ਪਰਗਟ ਸਿੰਘ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਭੁੱਲਰ ਨੇ ਕਿਹਾ ਕਿ ਛੇੜਛਾੜ ਕੀਤੇ ਗਏ ਕੰਟੈਂਟ ਦੇ ਆਧਾਰ ‘ਤੇ ਧਾਰਮਿਕ ਭਾਵਨਾਵਾਂ ਨੂੰ ਵਿਵਾਦ ਵਿੱਚ ਘਸੀਟਣਾ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ।’ਆਪ’ ਆਗੂਆਂ ਨੇ ਪਰਗਟ ਸਿੰਘ ਅਤੇ ਸੁਨੀਲ ਜਾਖੜ ਨੂੰ ਸਲਾਹ ਦਿੱਤੀ ਕਿ ਜਮਹੂਰੀ ਜ਼ਿੰਮੇਵਾਰੀ ਦੀ ਮੰਗ ਹੈ ਕਿ ਸਿਆਸੀ ਸਹੂਲਤਾਂ ਦੀ ਪਰਵਾਹ ਕੀਤੇ ਬਿਨਾਂ ਨਿਆਂਇਕ ਸੰਸਥਾਵਾਂ ਦਾ ਸਤਿਕਾਰ ਕੀਤਾ ਜਾਵੇ ਅਤੇ ਅਦਾਲਤੀ ਫੈਸਲਿਆਂ ਨੂੰ ਸਵੀਕਾਰ ਕੀਤਾ ਜਾਵੇ।





