ਮਜੀਠਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ ‘ਪਰਚੀ ਦਾ ਦੌਰ’ (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਅਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ ‘ਤੇ ਕੇਂਦਰਤ ਮਾਡਲ ਨੂੰ ਅਪਣਾਇਆ ਹੈ।
ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਕਾਲੀਆਂ ਦੀ ਸੱਤਾ ਵਿੱਚ ਵਾਪਸੀ ਦਾ ਭਾਵ ਬੇਅਦਬੀਆਂ ਅਤੇ ਨਿਰਦੋਸ਼ ਲੋਕਾਂ ‘ਤੇ ਗੋਲੀਬਾਰੀ ਵੱਲ ਵਾਪਸੀ ਹੋਵੇਗਾ। ਉਨ੍ਹਾ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਰਵਾਰਾਂ ਦਾ ਪੱਖ ਪੂਰਨਾ ਚਾਹੀਦਾ ਹੈ।ਉਹਨਾ ਕਿਹਾ ਕਿ ਮੁਫ਼ਤ ਬਿਜਲੀ, ਸੜਕਾਂ ਦਾ ਨਵੀਨੀਕਰਨ ਅਤੇ ਲੋਕ ਪੱਖੀ ਪ੍ਰਸ਼ਾਸਨ ਨੇ ਸੌੜੀ ਰਾਜਨੀਤੀ ਦੀ ਥਾਂ ਲੈ ਲਈ ਹੈ, ਜਿਸ ਨਾਲ ਮਜੀਠਾ ਵਿੱਚ 11.32 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਨਾਲ ਵਿਕਾਸ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ।
ਮਜੀਠਾ ਵਿੱਚ 23 ਨਵੀਆਂ ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ—ਪਹਿਲਾਂ ਇਹ ਇਲਾਕਾ ਲਗਾਤਾਰ ਡਰ ਹੇਠ ਰਹਿੰਦਾ ਸੀ। ਇਸ ਖੇਤਰ ਦੇ ਖੁਦ ਨੂੰ ‘ਜਰਨੈਲ’ ਦੱਸਣ ਵਾਲੇ ਵਿਅਕਤੀ ਨੇ ਆਮ ਲੋਕਾਂ ਵਿਰੁੱਧ ਝੂਠੇ ਕੇਸਾਂ ਨੂੰ ਹਥਿਆਰ ਵਜੋਂ ਵਰਤਿਆ। ਕਾਂਗਰਸ ਅਤੇ ਅਕਾਲੀ, ਦੋਵਾਂ ਸਰਕਾਰਾਂ ਦੀ ਆਪਸੀ ਮਿਲੀਭੁਗਤ ਨਾਲ ਦਹਿਸ਼ਤ ਭਰੇ ਰਾਜ ਦੀ ਸ਼ੁਰੂਆਤ ਹੋਈ ਅਤੇ ਲੋਕ ਸਰਕਾਰ ਖਿਲਾਫ ਬੋਲਣ ਤੋਂ ਡਰਦੇ ਸਨ।” ਉਨ੍ਹਾ ਕਿਹਾ ਕਿ ਇਹ ਡਰ ਹੁਣ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ, ਕਿਉਂਕਿ ਹੁਣ ਲੋਕਾਂ ਦਾ ਰਾਜ ਹੈ ਅਤੇ ਉਨ੍ਹਾ ਅਜਿਹੀ ਸੌੜੀ ਰਾਜਨੀਤੀ ਨੂੰ ਨਿਰਣਾਇਕ ਤੌਰ ‘ਤੇ ਸੂਬੇ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਮਜੀਠੀਆ ਅਤੇ ਬਾਦਲ ਪਰਵਾਰਾਂ ਵੱਲੋਂ ਚਲਾਈ ਜਾ ਰਹੀ ਡਰਾਉਣ-ਧਮਕਾਉਣ ਵਾਲੀ ਰਾਜਨੀਤੀ ਨੂੰ ਦਰਕਿਨਾਰ ਕਰਕੇ ਇਕ ਨਵਾਂ ਰਾਹ ਚੁਣਿਆ ਹੈ। ਉਨ੍ਹਾ ਕਿਹਾ—ਇਹੀ ਮਜੀਠਾ ਇਲਾਕਾ ਕਦੇ ਉਨ੍ਹਾਂ ਲੋਕਾਂ ਦੇ ਕਬਜ਼ੇ ਵਿੱਚ ਸੀ, ਜਿਨ੍ਹਾਂ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਵਾਲੇ ਦਿਨ ਜਨਰਲ ਡਾਇਰ ਨੂੰ ਰਾਤ ਦੇ ਖਾਣੇ ‘ਤੇ ਬੁਲਾਇਆ ਸੀ। ਅਜਿਹੇ ਵਿਸ਼ਵਾਸਘਾਤ ਭਰੇ ਗੁਨਾਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ, ਜਿਨ੍ਹਾਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਸਨ।”
ਮਾਨ ਨੇ ਚੇਤਾਵਨੀ ਦਿੱਤੀ ਕਿ ਅਕਾਲੀ ਦਲ ਨੂੰ ਸੱਤਾ ਵਿੱਚ ਵਾਪਸ ਲਿਆਉਣ ਦਾ ਭਾਵ ਪੰਜਾਬ ਨੂੰ ਹਨੇਰ ਯੁੱਗ ਵਿੱਚ ਵਾਪਸ ਧੱਕਣਾ ਹੋਵੇਗਾ। ਉਨ੍ਹਾ ਕਿਹਾ, ”ਇਸ ਦਾ ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੁਬਾਰਾ ‘ਬੇਅਦਬੀ’, ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਅਤੇ ਆਮ ਲੋਕਾਂ ਵਿਰੁੱਧ ਅੱਤਿਆਚਾਰ ਵੱਲ ਵਧਣ ਦੇ ਬਰਾਬਰ ਹੋਵੇਗਾ।”
ਉਨ੍ਹਾ ਕਿਹਾ ਕਿ ਅਕਾਲੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾੜੇ ਕੰਮਾਂ ਕਾਰਨ ਹੀ ਸੂਬਾ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ‘ਸਿੱਟ’ ਦਾ ਗਠਨ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾ ਕਿਹਾ ਕਿ“ਸਾਡਾ ਇੱਕੋ-ਇੱਕ ਉਦੇਸ਼ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣਾ ਹੈ। ਸਾਡਾ ਧਾਰਮਕ ਸੰਸਥਾਵਾਂ ਵਿੱਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ। ”ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਪਣੀਆਂ ਮੁੱਢਲੀਆਂ ਜ਼ਿੰਮੇਵਾਰੀਆਂ ‘ਤੇ ਧਿਆਨ ਕੇਂਦਰਤ ਕਰਨ ਦੀ ਬਜਾਏ ਐੱਸ ਜੀ ਪੀ ਸੀ ਮੁਖੀ ਸਿਆਸੀ ਰੈਲੀਆਂ ਦੇ ਪ੍ਰਬੰਧ ਕਰਨ ਵਿੱਚ ਰੁਝੇ ਹੋਏ ਸਨ। ਉਨ੍ਹਾ ਕਿਹਾ—ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਿਪਾਹੀ ਕਹਿਣ ਦੀ ਬਜਾਏ, ਉਹ ਮਾਣ ਨਾਲ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਹਿੰਦੇ ਹਨ। ਅਜਿਹੇ ਵਿਅਕਤੀ ਤੋਂ ਭਲੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ, ਜੋ ਕਿਸੇ ਅਜਿਹੇ ਵਿਅਕਤੀ ਦੀ ਸੇਵਾ ਕਰਨ ‘ਤੇ ਮਾਣ ਕਰਦਾ ਹੈ, ਜਿਸ ਨੇ ਆਪਣੀਆਂ ਹਰਕਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੋਵੇ।ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਤੋਂ ਉਪਰ ਹਨ। ਇਸੇ ਲਈ ਮੈਂ ਭਾਰਤ ਦੇ ਰਾਸ਼ਟਰਪਤੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਬਜਾਏ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ।” ਉਨ੍ਹਾ ਕਿਹਾ ਕਿ ਉਨ੍ਹਾ ਦੀ ਸਰਕਾਰ ਦੇ ਉਲਟ ਅਕਾਲੀਆਂ ਨੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲਾਈ। “ਜਥੇਦਾਰਾਂ ਨੂੰ ਆਪਣੀ ਮਰਜ਼ੀ ਨਾਲ ਨਿਯੁਕਤ ਕੀਤਾ ਅਤੇ ਅਹੁਦੇ ਤੋਂ ਹਟਾਇਆ ਗਿਆ, ਜਿਸ ਨਾਲ ਇਨ੍ਹਾਂ ਸੰਸਥਾਵਾਂ ਦੀ ਪਵਿੱਤਰਤਾ ਨੂੰ ਭਾਰੀ ਸੱਟ ਵੱਜੀ। ” ਉਨ੍ਹਾ ਇਹ ਵੀ ਟਿੱਪਣੀ ਕੀਤੀ ਕਿ ਕਾਂਗਰਸੀ ਆਗੂ ਲਗਾਤਾਰ ਹਾਰਾਂ ਦਾ ਸਾਹਮਣਾ ਕਰਨ ਤੋਂ ਬਾਅਦ ਆਪਣਾ ਸਿਆਸੀ ਸੰਤੁਲਨ ਗੁਆ ਚੁੱਕੇ ਹਨ।
ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ—ਕੁਝ ਆਗੂ ਗਰੀਬ ਵਿਅਕਤੀ ਦੇ ਘਰ ਇੱਕ ਰਾਤ ਰਹਿਣਾ ਇੱਕ ਨਵੀਂ ਗੱਲ ਸਮਝਦੇ ਹਨ। ਮੈਂ ਖੁਦ ਇੱਕ ਆਮ ਆਦਮੀ ਹਾਂ ਅਤੇ ਮੈਂ ਆਮ ਲੋਕਾਂ ਦੇ ਰੋਜ਼ਾਨਾ ਦੇ ਸੰਘਰਸ਼ਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਉਨ੍ਹਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਤ ਹਾਲ ਹੀ ਵਿੱਚ ਹੋਏ ਸਮਾਗਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਮਹਾਨ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਸੂਬੇ ਦੇ ਅਮੀਰ ਵਿਰਸੇ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ।
ਉਨ੍ਹਾ ਕਿਹਾ—ਸਰਹੱਦੀ ਪੱਟੀ ਦੇ ਕਿਸਾਨਾਂ ਲਈ ਇੱਕ ਵੱਡੀ ਰਾਹਤ ਵਜੋਂ ਕੇਂਦਰ ਸਰਕਾਰ ਨੇ ਸਰਹੱਦੀ ਵਾੜ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਲਈ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਕਿਸਾਨ ਵਾੜ ਤੋਂ ਪਰ੍ਹੇ ਹਜ਼ਾਰਾਂ ਏਕੜ ਜ਼ਮੀਨ ‘ਤੇ ਬੇਰੋਕ ਖੇਤੀ ਕਰ ਸਕਣਗੇ। ਉਨ੍ਹਾ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਉਂਦਿਆਂ ਕਿਸਾਨਾਂ ਨੂੰ ਦਰਪੇਸ਼ ਰੋਜ਼ਾਨਾ ਮੁਸ਼ਕਲਾਂ ਵੱਲ ਧਿਆਨ ਦਵਾਇਆ, ਜਿਨ੍ਹਾਂ ਨੂੰ 532 ਕਿਲੋਮੀਟਰ ਲੰਮੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਆਪਣੇ ਖੇਤਾਂ ਤੱਕ ਜਾਣ ਲਈ ਬੀ ਐੱਸ ਐੱਫ ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਸੀ।ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ. ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ, ਸੀਨੀਅਰ ਆਪ ਆਗੂ ਤਲਬੀਰ ਸਿੰਘ ਗਿੱਲ ਅਤੇ ਹੋਰ ਆਗੂ ਮੌਜੂਦ ਸਨ।




