ਅੰਮ੍ਰਿਤਸਰ/ਅਜਨਾਲਾ (ਜਸਬੀਰ ਸਿੰਘ ਪੱਟੀ/
ਕੰਵਲਜੀਤ ਸਿੰਘ/ਸੁਖਤਿੰਦਰ ਸਿੰਘ ਰਾਜੂ)
ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਸੋਮਵਾਰ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ ਲੁੱਟਿਆ, ਸੂਬੇ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਭਾਈਵਾਲੀ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਂਅ ਸਤਿਕਾਰਯੋਗ ਸ਼ਖਸੀਅਤ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਂਅ ‘ਤੇ ਰੱਖਿਆ ਜਾਵੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚ ਅੰਦਰੂਨੀ ਖਹਿਬਾਜ਼ੀ ਸਿਖਰ ‘ਤੇ ਹੈ, ਕਿਉਂਕਿ ਇਨ੍ਹਾਂ ਕੋਲ ਲੋਕਾਂ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ। ਉਨ੍ਹਾ ਕਿਹਾ—ਵਿਰੋਧੀ ਧਿਰ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਹ ਸਿਰਫ਼ ਲੋਕਾਂ ਅਤੇ ਸੂਬੇ ਦੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ, ਕਿਉਂਕਿ ਪੰਜਾਬ ਦੇ ਲੋਕ ਬੜੇ ਸਿਆਣੇ ਅਤੇ ਬਹਾਦਰ ਹਨ ਅਤੇ ਉਹ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਨੂੰ ਸਮਝਦੇ ਹਨ। ਉਨ੍ਹਾ ਕਿਹਾ ਕਿ ਪੰਜਾਬੀ ਇਨ੍ਹਾਂ ਵਿਰੋਧੀ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦੇਣਗੇ।
ਮਾਨ ਨੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਸਥਿਤ ਪਿੰਡ ਬਕਰੌਰ ਵਿੱਚ ਇਕ ਕੋ-ਐਜੂਕੇਸ਼ਨਲ ਕਾਲਜ (ਸਹਿ-ਵਿਦਿਅਕ ਕਾਲਜ) ਦਾ ਨੀਂਹ ਪੱਥਰ ਰੱਖਿਆ। 15 ਏਕੜ ਜ਼ਮੀਨ ‘ਤੇ ਇਸ ਸੰਸਥਾ ਨੂੰ ਬਣਾਉਣ ‘ਤੇ 15 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਾਸਲ ਉਪਲੱਬਧੀਆਂ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਸੂਬਾ ਕੌਮੀ ਪੱਧਰ ‘ਤੇ ਮੋਹਰੀ ਬਣ ਕੇ ਉਭਰਿਆ ਹੈ।
ਕਾਲਜ ਇਸ ਸਰਹੱਦੀ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲ ਦੇਵੇਗਾ। ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਇਸ ਪਹਿਲਕਦਮੀ ਨੂੰ ਸਰਹੱਦੀ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਵੱਲ ਇਕ ਮਾਰਗ-ਦਰਸ਼ਕ ਕਦਮ ਦੱਸਿਆ।
ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ ਪਾਰਟੀ ਆਗੂ ਤੇ ਸਥਾਨਕ ਨੁਮਾਇੰਦੇ ਸ਼ਾਮਲ ਹੋਏ।




