ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਵਾਂਗੇ : ਮਾਨ

0
10

ਨਾਂਦੇੜ : ਮਹਾਰਾਸ਼ਟਰ ਵਿੱਚ ਸ਼ਨੀਵਾਰ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਅਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਖਾਸ ਕਰਕੇ ਮਨੁੱਖਤਾ ਲਈ ਵਧੇਰੇ ਅਧਿਆਤਮਕ ਮਹੱਤਵ ਰੱਖਦਾ ਹੈ। ਇਹ ਚੇਤੇ ਕਰਾਉਦਿਆਂ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ੍ਰੀ ਅੰਮਿ੍ਰਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੀ ਹੈ, ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਫਲਸਫ਼ੇ ਦੇ ਵੱਧ ਤੋਂ ਵੱਧ ਪਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਨੇ ਕਲਗੀਧਰ ਪਾਤਸ਼ਾਹ ਦੇ ਪਵਿੱਤਰ ਅਸਥਾਨ ’ਤੇ ਵੀ ਮੱਥਾ ਟੇਕਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਂਦੇੜ ਸਾਹਿਬ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਨੁੱਖਤਾ ਲਈ ਪਵਿੱਤਰ ਅਸਥਾਨ ਹੈ, ਕਿਉਕਿ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕਾਫ਼ੀ ਸਮਾਂ ਇਸ ਪਵਿੱਤਰ ਨਗਰੀ ‘ਚ ਬਿਤਾਇਆ ਸੀ। ਪਿਛਲੇ ਸਾਲ ਲਏ ਗਏ ਇੱਕ ਮਹੱਤਵਪੂਰਨ ਫੈਸਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੰਬਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਪੰਜਾਬ ਸਰਕਾਰ ਵੱਲੋਂ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਵਾਲਾ ਅਧਿਕਾਰਤ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਨਾਂਦੇੜ ਸਾਹਿਬ ਵਿੱਚ ਪੰਜਾਬ ਭਵਨ ਦੀ ਪੂਰੀ ਤਰ੍ਹਾਂ ਕਾਇਆ-ਕਲਪ ਕਰਨ ਦਾ ਵੀ ਐਲਾਨ ਕੀਤਾ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਪੰਜਾਬ ਭਵਨ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ।ਉਨ੍ਹਾ ਕਿਹਾ ਕਿ ਜਿਥੇ ਸਰਹੱਦਾਂ ਦੀ ਰਾਖੀ ਦੀ ਗੱਲ ਆਉਦੀ ਹੈ ਤਾਂ ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਅਤੇ ਕੁਰਬਾਨੀਆਂ ਦੇਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਿਸੇ ਵੀ ਦੁਰਘਟਨਾ ਦੇ ਸਮੇਂ ਪੰਜਾਬੀ ਅਕਸਰ ਲੋੜਵੰਦਾਂ ਦੀ ਸੇਵਾ ਲਈ ਰੈੱਡ ਕਰਾਸ ਵਰਗੀਆਂ ਸੰਸਥਾਵਾਂ ਤੋਂ ਵੀ ਪਹਿਲਾਂ ਹੀ ਮੌਕੇ ’ਤੇ ਪਹੁੰਚ ਜਾਂਦੇ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੁੱਖ ਮੰਤਰੀ ਨੇ ਸੂਬੇ ਦੀ ਤਰੱਕੀ, ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਧਰਮ ਨਿਰਪੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਲਈ ਬੇਮਿਸਾਲ ਯੋਗਦਾਨ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਦਾ ਮੌਕਾ ਮਿਲਣ ਨਾਲ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ।