ਮੋਗਾ (ਇਕਬਾਲ ਸਿੰਘ ਖਹਿਰਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਹੱਕ ਹੈ ਅਤੇ ਰਹੇਗਾ। ਉਨ੍ਹਾ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਹਨ ਤੇ ਹੁਣ ਹੋਰ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਕਿਸੇ ਨੂੰ ਵੀ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦੇਵੇਗੀ। ਮੁੱਖ ਮੰਤਰੀ ਬੁੱਧਵਾਰ ਪਿੰਡ ਢੁੱਡੀਕੇ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾ ਦੇ 161ਵੇ ਜਨਮ ਦਿਨ ਮੌਕੇ ਸ਼ਰਧਾਂਜਲੀ ਦੇਣ ਲਈ ਪਹੁੰਚੇ ਸਨ। ਮੁੱਖ ਮੰਤਰੀ ਨੇ ਲਾਇਬਰੇਰੀ ਅਤੇ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉੱਥੇ ਹੀ ਉਨ੍ਹਾ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਗਦਰੀ ਬਾਬਿਆਂ ਨੇ ਜਨਮ ਲਿਆ ਅਤੇ ਕਾਲੇ ਪਾਣੀ ਵਰਗੀਆਂ ਸਖਤ ਸਜ਼ਾਵਾਂ ਕੱਟੀਆਂ। ਲਾਲਾ ਲਾਜਪਤ ਰਾਏ ਦਾ ਬਲੀਦਾਨ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਨਾਸਰੋਤ ਬਣਿਆ ਰਹੇਗਾ। ਉਨ੍ਹਾ ਦਾ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਵਿਅਕਤੀ ਦਾ ਇਲਾਜ ਹੋੋਵੇਗਾ ਤੇ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ। ਉਨ੍ਹਾ ਪਿੰਡਾਂ ’ਚ ਖੇਡ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਮਾਂ ਖੇਡ ਕਬੱਡੀ ਵਿਚ 35, 40, 45 ਕਿੱਲੋ ਆਦਿ ਦੀ ਸ਼ੁਰੂਆਤ ਕਰਨ, ਤਾਂ ਜੋ ਬੱਚੇ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਚੰਗੇ ਖਿਡਾਰੀ ਬਣ ਸਕਣ। ਉਨ੍ਹਾ ਕਿਹਾ ਕਿ ਉਹ ਆਪਣੇ ਪਿੰਡ ਸਤੌਜ ਤੋਂ ਵਜ਼ਨੀ ਕਬੱਡੀ ਦੀ ਸ਼ੁਰੂਆਤ ਕਰਵਾਉਣ ਜਾ ਰਹੇ ਹਨ। ਇਸ ਮੌਕੇ ਉਨ੍ਹਾ ਮਿੰਨੀ ਉਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਬਾਰੇ ਆਖਿਆ ਕਿ ਇੱਥੇ 14 ਸਾਲਾਂ ਬਾਅਦ ਬਲਦਾਂ ਦੀਆਂ ਦੌੜਾਂ ਸ਼ੁਰੂ ਹੋ ਰਹੀਆਂ ਹਨ। ਇਸ ਮੌਕੇ ਉਨ੍ਹਾ ਨਾਲ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਰਤਪਾਲ ਸਿੰਘ ਸੁਖਾਨੰਦ ਤੇ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਮੌਜੂਦ ਸਨ। ਮਾਨ ਨੇ ਆਮ ਲੋਕਾਂ ਦੇ ਦਰਮਿਆਨ ਬੈਠ ਕੇ ਕਬੱਡੀ ਤੇ ਹਾਕੀ ਮੈਚਾਂ ਦਾ ਆਨੰਦ ਮਾਣਿਆ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।ਚਾਈਨਾ ਡੋਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ’ਤੇ ਪਹਿਲਾਂ ਹੀ ਪਾਬੰਦੀ ਲੱਗੀ ਹੋਈ ਹੈ ਅਤੇ ਇਸ ਮਾਮਲੇ ’ਚ ਹੋਰ ਸਖ਼ਤੀ ਵੀ ਕੀਤੀ ਜਾਵੇਗੀ। ਉਨ੍ਹਾ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਸਾਵਧਾਨ ਰਹਿਣ।




