ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਬਜਟ ਨੂੰ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ਤੋਂ ਉਲਟ ਦੱਸਿਆ ਹੈ। ਉਨ੍ਹਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪੋਸਟ ਪਾ ਕੇ ਲਿਖਿਆ, ‘‘ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ।’’ ਮਾਨ ਨੇ ਕਿਹਾ, ‘‘ਇਸ ਬਜਟ ਵਿੱਚ ਨਾ ਕਿਸਾਨਾਂ ਲਈ ਐੱਮ ਐੱਸ ਪੀ ਦਾ ਜ਼ਿਕਰ ਕੀਤਾ ਗਿਆ ਅਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦਾ। ਇਸ ਤੋਂ ਇਲਾਵਾ ਉਦਯੋਗ ਉੱਤੇ ਟੈਕਸ ’ਚ ਵੀ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਗਈ। ਉਨ੍ਹਾ ਕਿਹਾ ਕਿ ਪੰਜਾਬ ਦੀ ਆਰਥਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਗਿਆ। ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਤੇ ਜਨੂੰਨੀ ਹਨ। ਅਸੀਂ ਮਿਲ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।’’
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਰੀਬ 12 ਸਾਲਾਂ ਦੀ ਸਰਕਾਰ ਦੌਰਾਨ ਪੰਜਾਬ ਨੂੰ ਕਦੇ ਵੀ ਉਸਦਾ ਬਣਦਾ ਹੱਕ ਨਹੀਂ ਮਿਲਿਆ ਅਤੇ ਇਸ ਵਾਰ ਦਾ ਬਜਟ ਵੀ ਇਸ ਤੋਂ ਅਲੱਗ ਨਹੀਂ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਆਪਣੇ ਬਜਟ ਭਾਸ਼ਣ ਦੌਰਾਨ ਇੱਕ ਵਾਰ ਵੀ ਪੰਜਾਬ ਦਾ ਨਾਂ ਨਹੀਂ ਲਿਆ, ਜੋ ਸੂਬੇ ਨਾਲ ਹੋ ਰਹੀ ਲਗਾਤਾਰ ਅਣਦੇਖੀ ਨੂੰ ਦਰਸਾਉਂਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਘੱਟੋ-ਘੱਟ ਕੇਂਦਰ ਸਰਕਾਰ ਗੁਰੂ ਰਵਿਦਾਸ ਦੇ ਨਾਂ ’ਤੇ ਇੱਕ ਅੰਤਰਰਾਸ਼ਟਰੀ ਯੂਨੀਵਰਸਿਟੀ ਦਾ ਐਲਾਨ ਤਾਂ ਕਰ ਸਕਦੀ ਸੀ।




