ਨਵਾਂ ਨਾਂਅ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’

0
2

ਜਲੰਧਰ (ਸੁਰਿੰਦਰ ਕੁਮਾਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਐਤਵਾਰ ਜਲੰਧਰ ਜ਼ਿਲ੍ਹੇ ਦੇ ਸੰਖੇਪ ਦੌਰੇ ਦੌਰਾਨ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਂਅ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਰਸਮੀ ਐਲਾਨ ਕੀਤਾ। ਉਨ੍ਹਾ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਵੀ ਵਰਚੁਅਲੀ ਉਦਘਾਟਨ ਕੀਤਾ।
ਆਦਮਪੁਰ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਮੋਦੀ ਡੇਰਾ ਸੱਚਖੰਡ ਬੱਲਾਂ ਪੁੱਜੇ। ਉਨ੍ਹਾ ਦਾ ਡੇਰਾ ਪ੍ਰਬੰਧਕਾਂ ਨੇ ਸਵਾਗਤ ਕੀਤਾ। ਇਸ ਮੌਕੇ ਵਿਆਨਾ ਗੋਲੀ ਕਾਂਡ ਦੀ ਵੀ ਗੱਲ ਕੀਤੀ ਗਈ। ਡੇਰਾ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾ ’ਤੇ ਗੋਲੀਆਂ ਚਲਾਈਆਂ ਗਈਆਂ ਪਰ ਪੰਜਾਬ ਵਿੱਚ ਧਰਮ ਪਰਿਵਰਤਨ ਨਹੀਂ ਹੋਣ ਦਿੱਤਾ। ਇਸ ਵੇਲੇ ਕਰੋੜਾਂ ਲੋਕ ਡੇਰੇ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੱਥੇ ਆਏ ਹਨ, ਉਨ੍ਹਾਂ ਦਾ ਸਵਾਗਤ ਹੈ। ਡੇਰਾ ਪ੍ਰਬੰਧਕ ਨੇ ਕਿਹਾ ਕਿ 78 ਸਾਲਾਂ ਵਿੱਚ ਕਿਸੇ ਨੇ ਵੀ ਉਨ੍ਹਾਂ ਦੇ ਸਮਾਜ ਬਾਰੇ ਨਹੀਂ ਸੋਚਿਆ ਪਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸਮਾਜ ਦੀ ਸਾਰ ਲਈ ਹੈ ਤੇ ਖੁਦ ਇੱਥੇ ਆਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਨ ਤੋਂ ਪਹਿਲਾਂ ਪੰਜਾਬ ਦੀ ਧਰਤੀ ਨੂੰ ਸਿਜਦਾ ਕੀਤਾ। ਉਨ੍ਹਾ ਕਿਹਾ, ‘‘ਸਾਡੀ ਸਰਕਾਰ ਨੇ ਸੰਤ ਨਿਰੰਜਣ ਨੂੰ ਪਦਮਸ੍ਰੀ ਦਿੱਤਾ। ਸੰਤਾਂ ਨੇ ਹਮੇਸ਼ਾ ਬਰਾਬਰਤਾ ਦੀ ਗੱਲ ਕੀਤੀ ਹੈ।’’ ਉਨ੍ਹਾ ਕੇਂਦਰੀ ਬਜਟ ਦੀ ਗੱਲ ਕਰਦਿਆਂ ਦਾਅਵਾ ਕੀਤਾ ਕਿ ਇਸ ਨਾਲ ਸਪੋਰਟਸ ਇੰਡਸਟਰੀ ਨੂੰ ਕਾਫੀ ਫਾਇਦਾ ਹੋਵੇਗਾ। ਜਲੰਧਰ ਵਿਚ ਖੇਡਾਂ ਦਾ ਵੱਡਾ ਕਾਰੋਬਾਰ ਕੀਤਾ ਜਾਂਦਾ ਹੈ ਜਿਸ ਦਾ ਫਾਇਦਾ ਪੰਜਾਬ ਵਾਸੀਆਂ ਨੂੰ ਹੋਵੇਗਾ ਤੇ ਪੰਜਾਬ ਦੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਮੋਦੀ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਵਰਗੇ ਸ਼ਹਿਰਾਂ ਦੇ ਨਾਲ-ਨਾਲ ਹੋਰ ਸ਼ਹਿਰੀ ਖੇਤਰਾਂ ’ਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਪੰਜਾਬ ਆਪਣੇ ਮਿਹਨਤੀ, ਹੁਨਰਮੰਦ ਕਾਮਿਆਂ ਲਈ ਜਾਣਿਆ ਜਾਂਦਾ ਹੈ, ਅਤੇ ਉਨ੍ਹਾਂ ਸਾਰਿਆਂ ਨੂੰ ਬਜਟ ਦਾ ਲਾਭ ਮਿਲੇਗਾ। ਪੰਜਾਬ ਦੇ ਟੈਕਸਟਾਈਲ ਸੈਕਟਰ ਨੂੰ ਘੱਟੋ-ਘੱਟ ਟੈਕਸਾਂ ਨਾਲ 27 ਨਵੇਂ ਦੇਸ਼ਾਂ ਤੱਕ ਪਹੁੰਚ ਮਿਲੇਗੀ। ਜਲੰਧਰ ਦੇ ਖੇਡ ਸਾਮਾਨ ਨਿਰਮਾਤਾਵਾਂ ਨੂੰ ਵੀ ਇਸ ਬਜਟ ਤੋਂ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖੁਰਾਕ ਪ੍ਰੋਸੈਸਿੰਗ ਖੇਤਰ ਨਾਲ ਜੁੜੀਆਂ ਨਵੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਦੇ ਮੋਗਾ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾ ਦੱਸਿਆ ਕਿ ਇਸ ਖੇਤਰ ਦਾ ਵਿਕਾਸ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰੇਗਾ। ਉਨ੍ਹਾ ਮੁਤਾਬਕ ਖੁਰਾਕ ਪ੍ਰੋਸੈਸਿੰਗ ਵਿੱਚ ਗੁਣਵੱਤਾ ਸਭ ਤੋਂ ਮਹੱਤਵਪੂਰਨ ਹੈ ਤੇ ਭਾਰਤ ਵਿੱਚ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ’ਤੇ ‘ਮੇਕ ਇਨ ਇੰਡੀਆ’ ਦਾ ਲੇਬਲ ਹੋਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਮਿਆਰ ਜਾਂ ਪੈਕਿੰਗ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾ ਕਿਹਾ, ‘‘ਵਿਦੇਸ਼ੀ ਖਰੀਦਦਾਰਾਂ ਲਈ ਉਤਪਾਦ ਵਾਜਬ ਕੀਮਤ ’ਤੇ ਅਤੇ ਉੱਚ ਗੁਣਵੱਤਾ ਵਾਲੇ ਹੋਣੇ ਲਾਜ਼ਮੀ ਹਨ। ਜੇ ਮੁੱਲ ਅਤੇ ਮਿਆਰ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਮਿਲਣ ਵਾਲੇ ਮੌਕਿਆਂ ਤੋਂ ਹੱਥ ਧੋ ਬੈਠਾਂਗੇ।’’ ਪ੍ਰਧਾਨ ਮੰਤਰੀ ਨੇ ਉਦਯੋਗਪਤੀਆਂ ਅਤੇ ਕਿਸਾਨਾਂ ਨੂੰ ਇਕੱਠੇ ਹੋ ਕੇ ਖੇਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਮੋਦੀ ਨੇ ਕਿਹਾ ਕਿ ਉਹ ਅੱਜ ਪੰਜਾਬ ਨੂੰ ਦੋ ਚੀਜ਼ਾਂ ਦੇ ਕੇ ਜਾ ਰਹੇ ਹਨ। ਇੱਕ ਤਾਂ ਅੱਜ ਤੋਂ ਆਦਮਪੁਰ ਹਵਾਈ ਅੱਡਾ ਸੰੰਤ ਰਵਿਦਾਸ ਦੇ ਨਾਂਅ ਨਾਲ ਜਾਣਿਆ ਜਾਵੇਗਾ, ਦੂਜਾ ਹਲਵਾਰਾ ਵਿੱਚ ਪੰਜਾਬ ਦੇ ਲੋਕਾਂ ਨੂੰ ਹਵਾਈ ਰਸਤੇ ਹੋਰ ਸ਼ਹਿਰਾਂ ਨਾਲ ਜੋੜਿਆ ਗਿਆ ਹੈ। ਇਸ ਤਹਿਤ ਇਸ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਉਦਘਾਟਨ ਕੀਤਾ ਗਿਆ ਹੈ।