ਭਾਜਪਾ ਦੀ ਮਾਨਸਿਕਤਾ ਪੰਜਾਬ ਲਈ ਵੱਡਾ ਖਤਰਾ : ਚੀਮਾ

0
8

ਚੰਡੀਗੜ੍ਹ (ਗੁਰਜੀਤ ਬਿੱਲਾ,
ਕਿ੍ਰਸ਼ਨ ਗਰਗ)
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਅਤੇ ਨਾ ਹੀ ਲੰਮੇ ਸਮੇਂ ਤੋਂ ਬਕਾਇਆ ਪਏ 8500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰ ਡੀ ਐੱਫ) ਦਾ ਕੋਈ ਹਵਾਲਾ ਦਿੱਤਾ ਗਿਆ ਹੈ।
ਬਜਟ-2026 ਨੂੰ ਸਿੱਖਿਆ, ਸਿਹਤ, ਕਿਸਾਨ, ਗ਼ਰੀਬ, ਵਪਾਰੀ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਗਰਦਾਨਦਿਆਂ ਚੀਮਾ ਨੇ ਕਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਦਾ ਬੋਝ ਝੱਲਣ, ਵਾਰ-ਵਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਅਤੇ ਆਰ ਡੀ ਐੱਫ ਨਾਲ ਸੰਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਪੰਜਾਬ ਨੂੰ ਇੱਕ ਵਾਰ ਫਿਰ ਆਪਣੇ ਪੱਧਰ ’ਤੇ ਸਾਰੇ ਪ੍ਰਬੰਧ ਕਰਨ ਲਈ ਮਜਬੂਰ ਕੀਤਾ ਗਿਆ ਹੈ। ਬਜਟ ਵਿੱਚ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਅਤੇ ਲਗਾਤਾਰ 12ਵੇਂ ਸਾਲ ਵੀ ਕੇਂਦਰ ਵੱਲੋਂ ਕੋਈ ਠੋਸ ਸਹਾਇਤਾ ਨਹੀਂ ਦਿੱਤੀ ਗਈ।
ਚੀਮਾ ਨੇ ਕਿਹਾ ਕਿ ਕੇਂਦਰ ਦੀ ਸੱਤਾ ’ਤੇ ਕਾਬਜ਼ ਭਾਜਪਾ ਦੀ ਮਾਨਸਿਕਤਾ ਦੇਸ਼ ਦੇ ਲੋਕਤੰਤਰ ਅਤੇ ਖਾਸ ਕਰਕੇ ਪੰਜਾਬ ਲਈ ਇੱਕ ਵੱਡਾ ਖ਼ਤਰਾ ਬਣ ਗਈ ਹੈ। ਇਹ ਬਜਟ ਨਾ ਤਾਂ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ ਅਤੇ ਨਾ ਹੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਜਾਂ ਸੂਬਿਆਂ ਦਾ ਸਮਰਥਨ ਕਰਦਾ ਹੈ।