ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਛੱਡੀ

0
22

ਬਠਿੰਡਾ (ਪਰਵਿੰਦਰ ਜੀਤ ਸਿੰਘ)
ਜੇਲ੍ਹ ਵਿੱਚ ਬੰਦ ਦੋ ਕਿਸਾਨ ਆਗੂਆਂ ਦੀ ਰਿਹਾਈ ਲਈ ਡੀ ਸੀ ਦਫਤਰ ਦਾ ਘਿਰਾਓ ਕਰਨ ਲਈ ਪੈਦਲ ਅੱਗੇ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਅਥਰੂ ਗੈਸ ਦੇ ਗੋਲੇ ਦਾਗ ਦਿੱਤੇ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਪਹਿਲਾਂ ਹੀ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਪਿੰਡ ਜੇਠੂਕੇ ਨੇੜੇ ਇਕੱਠੇ ਹੋ ਗਏ ਅਤੇ ਉਨ੍ਹਾਂ ਆਪਣੇ ਵਹੀਕਲ ਉਥੇ ਹੀ ਛੱਡਦਿਆਂ ਪੈਦਲ ਬਠਿੰਡਾ ਵੱਲ ਵਧਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਬਠਿੰਡਾ ਨੈਸ਼ਨਲ ਹਾਈਵੇ ‘ਤੇ ਪਿੰਡ ਜੇਠੂਕੇ ਨੇੜੇ ਲਸਾੜਾ ਡਰੇਨ ਉੱਪਰ ਸਖਤ ਨਾਕਾਬੰਦੀ ਕੀਤੀ ਹੋਈ ਸੀ।ਜਦੋਂ ਕਿਸਾਨ ਲਗਾਤਾਰ ਅੱਗੇ ਵੱਧ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇ ਛੱਡੇ। ਇਸ ਘਟਨਾ ਤੋਂ ਬਾਅਦ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਪੂਰੀ ਤਰ੍ਹਾਂ ਜਾਮ ਹੋ ਗਿਆ। ਪੁਲਿਸ ਨੇ ਖੁਦ ਹੀ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਉੱਪਰ ਵੱਡੇ ਟਰੱਕ ਅਤੇ ਟਰਾਲੇ ਲਗਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਤਾਂ ਜੋ ਕਿਸਾਨ ਬਠਿੰਡਾ ਵੱਲ ਨਾ ਵੱਧ ਸਕਣ। ਹਾਲਾਂ ਕਿ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਨਾਲ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਇਸ ਤੋਂ ਬਾਅਦ ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਧਰਨਾ ਲਗਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਉਹ ਆਪਣੇ ਦੋਵਾਂ ਆਗੂਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਾ ਕੇ ਹੀ ਦਮ ਲੈਣਗੇ।