ਖੁਰਾਲਗੜ੍ਹ (ਓ ਪੀ ਰਾਣਾ,
ਬਲਬੀਰ ਸੈਣੀ)
ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬੇ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੰਤ ਸਮਾਜ ਦੇ ਸਾਰੇ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ।
ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ‘ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ।
ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ ‘ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।
ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਇਆ ਜਾਵੇਗਾ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਸੰਗਤੀ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ‘ਤੇ ਵੀ ਮੱਥਾ ਟੇਕਿਆ।





