13.8 C
Jalandhar
Monday, December 23, 2024
spot_img

ਸੁਪਰੀਮ ਕੋਰਟ ਦਾ ਫ਼ੈਸਲਾ ਸਿਆਸਤ ਤੋਂ ਪ੍ਰੇਰਤ : ਧਾਮੀ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਜਾਇਜ਼ ਠਹਿਰਾਉਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ | ਚੰਡੀਗੜ੍ਹ ‘ਚ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤਿ੍ੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸਾਫ ਤੌਰ ‘ਤੇ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਤ ਨਹੀਂ ਕਰ ਸਕਦਾ |
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਬੰਧੀ ਸੁਪਰੀਮ ਕੋਰਟ ਦੇ ਦੋ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਨਿਰੋਲ ਸਿਆਸੀ ਹੈ ਅਤੇ ਫੈਸਲਾ ਸੁਣਾਉਣ ਵਾਲੇ ਜੱਜਾਂ ਵਿੱਚੋਂ ਇਕ ਜੱਜ ਆਰ ਐੱਸ ਐੱਸ ਨਾਲ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ | ਲਿਹਾਜ਼ਾ ਇਹ ਫੈਸਲਾ ਸੁਪਰੀਮ ਕੋਰਟ ਦਾ ਨਾ ਹੋ ਕੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ | ਉਨ੍ਹਾ ਕਿਹਾ ਕਿ ਇਕ ਜੱਜ ਦੇ ਆਰ ਐੱਸ ਐੱਸ ਨਾਲ ਸੰਬੰਧ ਹੋਣ ਦੇ ਉਨ੍ਹਾਂ ਪਾਸ ਸਬੂਤ ਮੌਜੂਦ ਹਨ ਅਤੇ ਜਲਦ ਹੀ ਉਸ ਜੱਜ ਦਾ ਨਾਂਅ ਵੀ ਨਸ਼ਰ ਕੀਤਾ ਜਾਵੇਗਾ | ਉਨ੍ਹਾ ਕਿਹਾ ਕਿ ਅੰਤਿ੍ੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਰੀਵਿਊ ਪਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ ਨੂੰ ਅੰਮਿ੍ਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ |
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਪਾਸ ਹੈ ਅਤੇ ਉਹ ਵੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਨਜ਼ੂਰੀ ਨਾਲ ਹੀ ਸੰਭਵ ਹੈ | ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਦੀ ਮਰਿਆਦਾ ਨਿਰਧਾਰਤ ਹੋਣ ਕਰਕੇ ਸੂਬਾ ਸਰਕਾਰਾਂ ਇਸ ਦਾ ਅਧਿਕਾਰ ਖੇਤਰ ਨਹੀਂ ਘਟਾ ਸਕਦੀਆਂ | ਉਨ੍ਹਾ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਵੱਲੋਂ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ‘ਚ ਦਖ਼ਲਅੰਦਾਜ਼ੀ ਲਈ ਚਾਲਾਂ ਚੱਲੀਆਂ ਜਾਂਦੀਆਂ ਰਹੀਆਂ ਹਨ, ਪਰ ਉਨ੍ਹਾਂ ਨੂੰ ਪੰਥ ਦੇ ਰੋਹ ਅੱਗੇ ਝੁਕਣਾ ਪਿਆ | 1959 ਵਿਚ ਕਾਂਗਰਸ ਦੀ ਕੇਂਦਰ ਸਰਕਾਰ ਨੇ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਨੂੰ ਸਿੱਖ ਕੌਮ ਦੀ ਈਨ ਮੰਨਣੀ ਪਈ | ਉਸ ਵਕਤ ਸਿੱਖ ਕੌਮ ਦੇ ਵਿਰੋਧ ਮਗਰੋਂ ਅਪ੍ਰੈਲ 1959 ਵਿਚ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮਾਸਟਰ ਤਾਰਾ ਸਿੰਘ ਵਿਚਕਾਰ ਇਕ ਪੈਕਟ ਸਹੀਬੱਧ ਹੋਇਆ, ਜਿਸ ਤਹਿਤ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਪ੍ਰਵਾਨਗੀ ਲਾਜ਼ਮੀ ਕਰਾਰ ਦਿੱਤੀ ਗਈ | ਉਨ੍ਹਾ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦਾ ਦੁੱਖ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਉਸ ਨੂੰ ਚਲਾਉਣ ਵਾਲੀ ਆਰ ਐੱਸ ਐੱਸ ਵੀ ਕਾਂਗਰਸ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ | ਜੇ ਹਰਿਆਣਾ ਕਮੇਟੀ ਸੰਬੰਧੀ ਹਰਿਆਣਾ ਦੇ ਤੱਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੈਰ-ਸੰਵਿਧਾਨਕ ਸਾਜ਼ਿਸ਼ ਤਹਿਤ ਐਕਟ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਝੀ ਹਰਕਤ ਕੀਤੀ ਤਾਂ ਇਸ ਵਿਚ ਭਾਜਪਾ ਸਰਕਾਰ ਵੀ ਪਿੱਛੇ ਨਹੀਂ ਰਹੀ | ਐਡਵੋਕੇਟ ਧਾਮੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਸਰਕਾਰ ਵੇਲੇ ਦਾ ਹਲਫਨਾਮਾ ਬਦਲ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੁਪਰੀਮ ਕੋਰਟ ਅੰਦਰ ਹਰਿਆਣਾ ਦੀ ਤਰਜਮਾਨੀ ਕੀਤੀ |
ਐਡਵੋਕੇਟ ਧਾਮੀ ਨੇ ਆਖਿਆ ਕਿ ਗੈਰ-ਸੰਵਿਧਾਨਕ, ਗੈਰ-ਸਿਧਾਂਤਕ ਅਤੇ ਗੈਰ-ਕਾਨੂੰਨੀ ਪਹੁੰਚ ਨਾਲ ਹਰਿਆਣਾ ਕਮੇਟੀ ਨੂੰ ਮਿਲੀ ਮਾਨਤਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ ਅਤੇ ਸਿੱਖ ਗੁਰਦੁਆਰਾ ਐਕਟ 1925 ਦੀ ਹੋਂਦ ਨੂੰ ਵੀ ਸੂਬਾ ਸਰਕਾਰਾਂ ਆਪਣੀ ਮਰਜ਼ੀ ਨਾਲ ਖ਼ਤਮ ਨਹੀਂ ਕਰ ਸਕਦੀਆਂ | ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਹੈ, ਜੋ ਕਿ ਪਹਿਲਾਂ ਦੀ ਤਰ੍ਹਾਂ ਬਰਕਰਾਰ ਹੈ | ਇਸ ਲਈ ਹਰਿਆਣਾ ਸਰਕਾਰ ਗੁਰਦੁਆਰਾ ਐਕਟ 1925 ਤਹਿਤ ਕਾਰਜਸ਼ੀਲ ਕਿਸੇ ਗੁਰਦੁਆਰਾ ਸਾਹਿਬ ਜਾਂ ਅਦਾਰੇ ਨੂੰ ਹਥਿਆਉਣ ਦੀ ਕੋਸ਼ਿਸ਼ ਨਾ ਕਰੇ | ਉਨ੍ਹਾ ਇਹ ਵੀ ਆਖਿਆ ਕਿ ਉਹ ਹਰਿਆਣਾ ਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ, ਪਰ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਸ਼ਕਤੀਆਂ ਦੀਆਂ ਚਾਲਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ |

Related Articles

LEAVE A REPLY

Please enter your comment!
Please enter your name here

Latest Articles