ਸੇਂਗਰ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਨਾਂਹ

0
10

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਚੀਫ ਜਸਟਿਸ ਸੂਰੀਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਐੱਨ ਵੀ ਅੰਜਾਰੀਆ ਦੀ ਬੈਂਚ ਨੇ ਸੋਮਵਾਰ ਹਾਈ ਕੋਰਟ ਦੇ ਉਸ ਫੈਸਲੇ ਵਿਰੁੱਧ ਯੂ ਪੀ ਦੇ ਸਾਬਕਾ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਉਸ ਦੀ 10 ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਤੋਂ ਇਨਕਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇ ਪੀੜਤ ਪਰਵਾਰ ਵੱਲੋਂ ਵੀ ਕੋਈ ਅਪੀਲ ਦਾਇਰ ਕੀਤੀ ਗਈ ਹੈ ਤਾਂ ਹਾਈ ਕੋਰਟ ਉਸ ਨੂੰ ਵੀ ਸੇਂਗਰ ਦੀ ਪਟੀਸ਼ਨ ਦੇ ਨਾਲ ਹੀ ਸੁਣੇ।
ਸੁਣਵਾਈ ਦੌਰਾਨ ਚੀਫ ਜਸਟਿਸ ਨੇ ਪੀੜਤਾ ਦੇ ਵਕੀਲ ਵੱਲੋਂ ਮੀਡੀਆ ਵਿੱਚ ਦਿੱਤੇ ਜਾ ਰਹੇ ਬਿਆਨਾਂ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਜਸਟਿਸ ਕਾਂਤ ਨੇ ਕਿਹਾ, ‘ਅਸੀਂ ਕਿਸੇ ਮਹਿਲ ਵਿੱਚ ਨਹੀਂ ਬੈਠੇ। ਸਾਨੂੰ ਪਤਾ ਹੈ ਕਿ ਬਾਹਰ ਮੀਡੀਆ ਟਰਾਇਲ ਚੱਲ ਰਿਹਾ ਹੈ।’ ਉਨ੍ਹਾ ਸਪੱਸ਼ਟ ਕੀਤਾ ਕਿ ਅਦਾਲਤ ਤੋਂ ਬਾਹਰ ਬਰਾਬਰ ਚੱਲ ਰਹੀ ਕਿਸੇ ਵੀ ਸੁਣਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 13 ਮਾਰਚ 2020 ਨੂੰ ਹੇਠਲੀ ਅਦਾਲਤ ਨੇ ਸੇਂਗਰ ਨੂੰ ਪੀੜਤਾ ਦੇ ਪਿਤਾ ਦੀ ਮੌਤ ਦੇ ਮਾਮਲੇ ਵਿੱਚ 10 ਸਾਲ ਦੀ ਸਜ਼ਾ ਅਤੇ 10 ਲੱਖ ਰੁਪਏ ਜੁਰਮਾਨਾ ਲਾਇਆ ਸੀ। ਪੀੜਤਾ ਦੇ ਪਿਤਾ ਨੂੰ ਸੇਂਗਰ ਦੇ ਕਹਿਣ ‘ਤੇ ਆਰਮਜ਼ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ 9 ਅਪਰੈਲ 2018 ਨੂੰ ਪੁਲਸ ਹਿਰਾਸਤ ਵਿੱਚ ਤਸ਼ੱਦਦ ਕਾਰਨ ਉਸ ਦੀ ਮੌਤ ਹੋ ਗਈ ਸੀ। ਸੇਂਗਰ ਨੂੰ 2017 ਵਿੱਚ ਇੱਕ ਨਾਬਾਲਗਾ ਨੂੰ ਅਗਵਾ ਕਰਨ ਅਤੇ ਜਬਰ-ਜ਼ਨਾਹ ਕਰਨ ਦੇ ਦੋਸ਼ ਵਿੱਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਦਿੱਲੀ ਹਾਈ ਕੋਰਟ ਹੁਣ 11 ਫਰਵਰੀ ਨੂੰ ਇਸ ਮਾਮਲੇ ‘ਤੇ ਮੁੜ ਸੁਣਵਾਈ ਕਰੇਗੀ।