ਪਟਿਆਲਾ : ਪੰਜਾਬ ਸਰਕਾਰ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਨਵੇਂ ਨਿਯੁਕਤ ਕੀਤੇ ਗਏ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਸੋਮਵਾਰ ਇੱਥੇ ਯੂਨੀਵਰਸਿਟੀ ਦੇ ਮਾਲ ਰੋਡ ਵਿਖੇ ਸਥਿਤ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ।ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਉਘੇ ਕਲਾਕਾਰ ਕਰਮਜੀਤ ਅਨਮੋਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ਉਤੇ ਪੁੱਜ ਕੇ ਡਾ. ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਸਪੋਰਟਸ ਯੂਨੀਵਰਸਿਟੀ ਹੁਣ ਹੋਰ ਬੁਲੰਦੀਆਂ ਛੂਹੇਗੀ।ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਆਪਣੀਆਂ ਤਰਜੀਹਾਂ ਗਿਣਾਉਂਦਿਆ ਦੱਸਿਆ ਕਿ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਦਿਆਂ ਪੰਜਾਬ ਸਪੋਰਟਸ ਯੂਨੀਵਰਸਿਟੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਵੇਗੀ। ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ, ਖਾਸ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾ ਨੂੰ ਭਰੋਸਾ ਦਿੱਤਾ ਹੈ ਕਿ ਯੂਨੀਵਰਸਿਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।





