ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਪੰਜਾਬ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸ਼ਾਮ ਸਮੇਂ ਸੋਸ਼ਲ ਮੀਡੀਆ ‘ਤੇ ਸੰਬੋਧਨ ਕਰਦਿਆਂ ਵਿਰੋਧੀਆਂ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੁੰਮਰਾਹ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਈ ਵੱਖ-ਵੱਖ ਹਸਪਤਾਲਾਂ ਨਾਲ ਸਮਝੌਤੇ ਕੀਤੇ ਗਏ ਹਨ। ਇਸ ਦੌਰਾਨ ਵੱਖ-ਵੱਖ ਬਿਮਾਰੀਆਂ ਲਈ ਕੀਮਤ ਤੈਅ ਕੀਤੀ ਗਈ ਹੈ ਅਤੇ ਹਸਪਤਾਲਾਂ ਵੱਲੋਂ ਉਸੇ ਕੀਮਤ ‘ਤੇ ਲੋਕਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2600 ਦੇ ਕਰੀਬ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਇਸ ਦੌਰਾਨ ਲੋਕਾਂ ਦਾ ਹਸਪਤਾਲ ਵਿੱਚ ਦਾਖਲ ਹੋਣ ਤੋਂ ਲੈ ਕੇ ਛੁੱਟੀ ਤੱਕ ਦਾ ਸਾਰਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੀਆਂ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਸਣੇ ਦੁਨੀਆਂ ਭਰ ਦੇ ਲੋਕ ਪਸੰਦ ਕਰ ਰਹੇ ਹਨ।





