ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਕਾਂਗਰਸ ਖਿਲਾਫ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਬਾਜਵਾ ਨੇ ਸਿਰਫ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਤੇ ਮਜ਼ਦੂਰਾਂ ਦਾ ਅਪਮਾਨ ਕੀਤਾ ਹੈ।
ਇਨ੍ਹਾਂ ਮੁਜ਼ਾਹਰਿਆਂ ਵਿੱਚ ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ ਅਤੇ ਬਾਜਵਾ-ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ ’ਤੇ ਮੁਆਫੀ ਮੰਗਣ।ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਨੰਗੀ ਹੋ ਗਈ ਹੈ।ਪੰਨੂ ਨੇ ਕਿਹਾ ਕਿ ਬਾਜਵਾ ਦੀ ਟਿੱਪਣੀ ਪੰਜਾਬ ਦੇ ਉਨ੍ਹਾਂ ਮਿਹਨਤਕਸ਼ ਲੋਕਾਂ ਦਾ ਵੀ ਸਿੱਧਾ ਅਪਮਾਨ ਹੈ, ਖਾਸ ਕਰਕੇ ਬੈਂਡ-ਬਾਜਾ ਵਜਾਉਣ ਵਾਲੇ ਕਲਾਕਾਰਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਹੋਰ ਕਲਾਕਾਰਾਂ ਦਾ, ਜੋ ਵਿਆਹਾਂ, ਧਾਰਮਕ ਸਮਾਗਮਾਂ ਅਤੇ ਸਮਾਜਕ ਪ੍ਰੋਗਰਾਮਾਂ ਦੌਰਾਨ ਅਣਥੱਕ ਮਿਹਨਤ ਕਰਦੇ ਹਨ।
‘ਆਪ’ ਨੇ ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ, ਅੰਮਿ੍ਰਤਸਰ, ਪਠਾਨਕੋਟ, ਤਰਨਤਾਰਨ, ਫਰੀਦਕੋਟ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ, ਜਿਸ ਦੌਰਾਨ ਬਾਜਵਾ ਵਿਰੁੱਧ ਆਵਾਜ਼ ਬੁਲੰਦ ਕੀਤੀ।ਪੰਨੂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਬਿਨਾਂ ਸ਼ਰਤ ਮੁਆਫੀ ਨਹੀਂ ਮੰਗਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।





