ਅੰਮ੍ਰਿਤਸਰ : ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਤੇ ਦਲਵਿੰਦਰ ਸਿੰਘ ਗਿੱਲ ਨੇ ਸ਼ਨੀਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਂਬਰ ਪਾਰਲੀਮੈਂਟ ਅਤੇ ਉਨ੍ਹਾਂ ਨਾਲ ਆਏ ਪੱਤਰਕਾਰ ਸੁਖਜਿੰਦਰ ਸਿੰਘ ਚੋਹਲਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨੇ ਸਿੱਖ ਨੂੰ ਬਖ਼ਸ਼ਿਸ਼ ਕੀਤੀ ਹੈ ਕਿ ਉਹ ਜਿਥੇ ਵੀ ਰਹੇ ਸਰਬੱਤ ਦੇ ਭਲੇ ਦਾ ਕਾਰਜ ਕਰੇ। ਇਸੇ ਤਹਿਤ ਹੀ ਦੇਸ਼ ਦੁਨੀਆ ਅੰਦਰ ਵਸੇ ਸਿੱਖ ਗੁਰੂ ਆਸ਼ੇ ਅਨੁਸਾਰ ਕਾਰਜ ਕਰਦਿਆਂ ਵੱਡੀਆਂ ਮੱਲਾਂ ਮਾਰ ਰਹੇ ਹਨ।





