ਅਮਰੀਕਾ ਨਾਲ ਵਪਾਰ ਸਮਝੌਤੇ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ

0
2

ਅਮਲੋਹ-ਹਲਕਾ ਅਮਲੋਹ ‘ਚ ਸ਼ਨੀਵਾਰ ਸਿਆਸੀ ਮਾਹੌਲ ਉਸ ਵੇਲੇ ਗਰਮਾ ਗਿਆ, ਜਦੋਂ ਦੇਸ਼ ਭਗਤ ਯੂਨੀਵਰਸਿਟੀ ਦੇ ਗੇਟ ਅੱਗੇ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿੱਚ ਇਕੱਠੇ ਹੋਏ ਸੈਂਕੜੇ ਕਾਰਕੁਨਾਂ ਨੇ ਜਿੱਥੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਜੰਮ ਕੇ ਮੁਖਾਲਫ਼ਤ ਕੀਤੀ, ਉਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ।ਵਿਧਾਇਕ ਬੜਿੰਗ ਨੇ ਬੇਹੱਦ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਪ੍ਰੋਗਰਾਮਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਆਗੂਆਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾ ਖੁਲਾਸਾ ਕੀਤਾ ਕਿ ਯੂਨੀਵਰਸਿਟੀ ਦੇ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਉਣਾ ਸੀ, ਪਰ ਉਨ੍ਹਾ ਦੀ ਜਗ੍ਹਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਭੇਜਣਾ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਹੈ।ਇਸ ਮੌਕੇ ਕਿਸਾਨੀ ਮੁੱਦਿਆਂ ‘ਤੇ ਬੋਲਦਿਆਂ ਵਿਧਾਇਕ ਨੇ ਦੋਸ਼ ਲਾਇਆ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ। ਉਨ੍ਹਾ ਐਲਾਨ ਕੀਤਾ ਕਿ ਪੰਜਾਬ ਵਿੱਚ ਹੁਣ ਭਾਜਪਾ ਮੰਤਰੀਆਂ ਦਾ ਡਟਵਾਂ ਵਿਰੋਧ ਹੋਵੇਗਾ।ਧਰਨੇ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਅਤੇ ਕਈ ਪ੍ਰਮੁੱਖ ਸਰਪੰਚਾਂ ਤੇ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।