ਨਸ਼ਿਆਂ ਖਿਲਾਫ ਲੋਕ ਲਹਿਰ ਖੜ੍ਹੀ ਕਰ’ਤੀ : ਮਾਨ

0
4

ਮੋਗਾ (ਇਕਬਾਲ ਸਿੰਘ ਖਹਿਰਾ)
ਪਿੰਡ ਕਿੱਲੀ ਚਾਹਲ ਵਿਖੇ ਆਮ ਆਦਮੀ ਪਾਰਟੀ ਦੀ ਸੋਮਵਾਰ ਹੋਈ ਮੈਗਾ ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਜੰਗ ਨੂੰ ਤੇਜ਼ ਕਰਨ ਦਾ ਜ਼ੋਰਦਾਰ ਸੱਦਾ ਦਿੱਤਾ| ਇਕੱਠ ਨਾਲ ਭਾਵੁਕ ਸਾਂਝ ਪਾਉਂਦਿਆਂ ਉਨ੍ਹਾ ‘ਜ਼ਿੰਦਗੀ ਜ਼ਿੰਦਾਬਾਦ, ਨੋ ਮੁਰਦਾਬਾਦ’ ਦਾ ਨਾਅਰਾ ਬੁਲੰਦ ਕੀਤਾ ਅਤੇ ਆਪਣੀ ਤਕਰੀਰ ਦੀ ਸਮਾਪਤੀ ‘ਲਵ ਯੂ ਆਲ’ ਨਾਲ ਕੀਤੀ|
ਨਸ਼ਿਆਂ ਵਿਰੁੱਧ ਲੜਾਈ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਿਛਲੀਆਂ ਹਕੂਮਤਾਂ ਨੇ ਸਿਆਸੀ ਅਤੇ ਵਿੱਤੀ ਲਾਭਾਂ ਲਈ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਸੀ| ਉਨ੍ਹਾ ਕਿਹਾ, ‘‘ਅਸੀਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਰਹੇ ਹਾਂ, ਨਸ਼ੇੜੀਆਂ ਦਾ ਮੁੜਵਸੇਬਾ ਕਰ ਰਹੇ ਹਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰ ਰਹੇ ਹਾਂ| ਹੁਣ ਨਸ਼ਿਆਂ ਵਿਰੁੱਧ ਇੱਕ ਲੋਕ ਲਹਿਰ ਖੜ੍ਹੀ ਹੋ ਗਈ ਹੈ ਅਤੇ ਇਹ ਸਮੂਹਕ ਸੰਕਲਪ ਹੀ ਇਸ ਲਾਹਣਤ ਨੂੰ ਖਤਮ ਕਰਨ ਦਾ ਇੱਕੋ-ਇੱਕ ਤਰੀਕਾ ਹੈ|’’
ਉਨ੍ਹਾ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਬਰਬਾਦ ਕਰਨ ਵਾਲਿਆਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ| ਮਾਨ ਨੇ ਕਿਹਾ ਕਿ 1 ਮਾਰਚ, 2025 ਨੂੰ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਮੁਹਿੰਮ ਨੂੰ ਭਰਵਾਂ ਜਨਤਕ ਸਮਰਥਨ ਮਿਲਿਆ ਹੈ| ਉਨ੍ਹਾ ਕਿਹਾ, ‘‘ਸ਼ੁਰੂ ਵਿੱਚ ਲੋਕ ਸ਼ੰਕੇ ਵਿੱਚ ਸਨ, ਪਰ ਜਿਵੇਂ-ਜਿਵੇਂ ਦਿਨ ਬੀਤਦੇ ਗਏ, ਉਨ੍ਹਾਂ ਦਾ ਵਿਸ਼ਵਾਸ ਪੱਕਾ ਹੁੰਦਾ ਗਿਆ| ਇਹ ਲੋਕਾਂ ਦਾ ਭਰੋਸਾ ਹੀ ਹੈ, ਜਿਸ ਨੇ ਸਾਨੂੰ ਦ੍ਰਿੜ੍ਹਤਾ ਨਾਲ ਕੰਮ ਕਰਨ ਦੀ ਤਾਕਤ ਦਿੱਤੀ ਹੈ|’’
ਵਿਲੇਜ ਡਿਫੈਂਸ ਕਮੇਟੀਆਂ ਦੀ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਉਨ੍ਹਾ ਕਿਹਾ ਕਿ 1.5 ਲੱਖ ਤੋਂ ਵੱਧ ਮੈਂਬਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 70,000 ਤੋਂ ਵੱਧ ਨੂੰ ਪਛਾਣ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ| ਹਰੇਕ ਮੈਂਬਰ ਨੂੰ ਨਸ਼ਾ ਤਸਕਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰਨ ਲਈ ਇੱਕ ਮੋਬਾਈਲ ਐਪਲੀਕੇਸ਼ਨ ਦੀ ਸਹੂਲਤ ਦਿੱਤੀ ਗਈ ਹੈ| ਉਨ੍ਹਾਂ ਦੱਸਿਆ ਕਿ 33,000 ਤੋਂ ਵੱਧ ਸੂਹਾਂ ਮਿਲੀਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਲ¾ਗਭ¾ਗ 17,000 ਗ੍ਰਿਫਤਾਰੀਆਂ ਹੋਈਆਂ ਹਨ| ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ| ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਗਾਉਣ ਲਈ ਹਰ ਪਿੰਡ ਵਿੱਚ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ| 60,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ|
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਇਰਾਦੇ ਨੂੰ ਹੋਰ ਮਜ਼ਬੂਤ ਕਰਨ ਲਈ ਇੱਥੇ ਆਏ ਹਨ| ਉਨ੍ਹਾ ਪਿਛਲੇ ਸਮੇਂ ਵਿੱਚ ਨਸ਼ਾ ਨੈੱਟਵਰਕਾਂ ਦੀ ਸਰਪ੍ਰਸਤੀ ਕਰਨ ਲਈ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜ਼ਿੰਮੇਵਾਰ ਠਹਿਰਾਇਆ| ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਹੋਈ ਬਰਾਮਦਗੀ ਨੇ ਹਜ਼ਾਰਾਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਫਸਣ ਤੋਂ ਬਚਾਇਆ ਹੈ| ਉਨ੍ਹਾ ਕਿਹਾ ਕਿ ਵਿਲੇਜ ਡਿਫੈਂਸ ਕਮੇਟੀ ਮੈਂਬਰ ਪੰਜਾਬ ਸਰਕਾਰ ਦੇ ਲਾਈਵ ਕੈਮਰੇ ਹਨ| ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਸਾਲ 2025 ਵਿੱਚ ਸੂਬੇ ਵਿੱਚ 2,046 ਕਿ¾ਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜੋ ਕਿ ਕੁਝ ਭਾਜਪਾ ਸ਼ਾਸਤ ਰਾਜਾਂ ਵਿੱਚ ਕੀਤੀ ਗਈ ਬਰਾਮਦਗੀ ਨਾਲੋਂ ਕਿਤੇ ਜ਼ਿਆਦਾ ਹੈ| ਉਨ੍ਹਾ ਦਾਅਵਾ ਕੀਤਾ ਕਿ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ 25,000 ਨੌਜਵਾਨਾਂ ਦਾ ਮੁੜਵਸੇਬਾ ਕੀਤਾ ਗਿਆ ਹੈ|
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਨਾਲ ਸੰਬੰਧਤ ਮਾਮਲਿਆਂ ਵਿੱਚ 34,000 ਤੋਂ ਵੱਧ ਐੱਫ ਆਈ ਆਰ ਦਰਜ ਕੀਤੀਆਂ ਗਈਆਂ ਹਨ ਅਤੇ ਲ¾ਗਭ¾ਗ 45,000 ਗ੍ਰਿਫਤਾਰੀਆਂ ਹੋਈਆਂ ਹਨ| ਉਨ੍ਹਾ ਅੱਗੇ ਕਿਹਾ ਕਿ 1,200 ਤੋਂ ਵੱਧ ਅਜਿਹੀਆਂ ਸੂਹਾਂ ਮਿਲੀਆਂ, ਜਿਨ੍ਹਾਂ ’ਤੇ ਕਾਰਵਾਈ ਕੀਤੀ ਗਈ, ਜਿਸ ਨਾਲ 3,000 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ| ਉਨ੍ਹਾ ਦਾਅਵਾ ਕੀਤਾ ਕਿ ਪੰਜਾਬ ਨੇ ਐੱਨ ਡੀ ਪੀ ਐੱਸ ਐਕਟ ਤਹਿਤ 90 ਫੀਸਦੀ ਤੋਂ ਵੱਧ ਸਜ਼ਾ ਦਰ ਹਾਸਲ ਕੀਤੀ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ| ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਕਿਹਾ ਕਿ ਜਨਤਕ ਸਹਿਯੋਗ ਤੋਂ ਬਿਨਾਂ ਸਰਕਾਰ ਇਕੱਲੀ ਇਸ ਲਾਹਨਤ ਨੂੰ ਖਤਮ ਨਹੀਂ ਕਰ ਸਕਦੀ| ਰੈਲੀ ਵਿੱਚ 43 ਕਿ¾ਲੋ ਹੈਰੋਇਨ ਫੜਨ ਵਿੱਚ ਮਦਦ ਕਰਨ ਵਾਲੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ| ਮੁੱਖ ਮੰਤਰੀ ਦੀ ਅਗਵਾਈ ਹੇਠ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੇ ਸਮੂਹਕ ਸਹੁੰ ਚੁੱਕੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ਿਆਂ ਵਿਰੁੱਧ ਲੜਾਈ ਲਈ ਵਚਨਬੱਧ ਰਹਿਣ ਦਾ ਅਹਿਦ ਲਿਆ|