ਪੰਜਾਬ ਦੇ ਦਰਿਆਵਾਂ ’ਚੋਂ ਰੇਤਾ ਤੇ ਗਾਰ ਕੱਢਣ ਦੇ ਕੰਮ ’ਤੇ ਰੋਕ

0
11

ਰੋਪੜ : ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਰੋਪੜ ਜ਼ਿਲ੍ਹੇ ਸਮੇਤ ਪੰਜਾਬ ਭਰ ਦੇ ਕਈ ਦਰਿਆਵਾਂ ਅਤੇ ਮੌਸਮੀ ਨਾਲਿਆਂ ਵਿੱਚ ਗਾਰ/ਰੇਤ ਕੱਢਣ (ਡਿਸਿਲਟਿੰਗ) ਦੇ ਕੰਮ ’ਤੇ ਰੋਕ ਲਗਾ ਦਿੱਤੀ ਹੈ, ਜਿਸ ਨਾਲ ਵਾਤਾਵਰਣ ਮਨਜ਼ੂਰੀ ਅਤੇ ਸਮੱਗਰੀ ਦੇ ਵਪਾਰਕ ਸ਼ੋਸ਼ਣ ਬਾਰੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਇਹ ਹੁਕਮ ਦਲਜੀਤ ਸਿੰਘ ਵੱਲੋਂ ਪੰਜਾਬ ਰਾਜ ਅਤੇ ਹੋਰ ਅਧਿਕਾਰੀਆਂ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਪਾਸ ਕੀਤਾ ਗਿਆ। ਬਿਨੈਕਾਰ ਨੇ ਪੰਜਾਬ ਜਲ ਸਰੋਤ ਵਿਭਾਗ ਦੇ ਡਰੇਨੇਜ ਡਵੀਜ਼ਨ ਵੱਲੋਂ 17 ਅਕਤੂਬਰ 2025 ਨੂੰ ਜਾਰੀ ਨਿਲਾਮੀ ਨੋਟਿਸ ਨੂੰ ਚੁਣੌਤੀ ਦਿੱਤੀ ਸੀ। ਨਿਲਾਮੀ ਨੋਟਿਸ ਐੱਸ ਏ ਐੱਸ ਨਗਰ, ਪਟਿਆਲਾ, ਮਾਨਸਾ, ਰੋਪੜ, ਲੁਧਿਆਣਾ, ਅਨੰਦਪੁਰ ਸਾਹਿਬ ਅਤੇ ਐੱਸ.ਬੀ.ਐੱਸ. ਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਿਲਟ (ਗਾਰ/ਰੇਤ) ਕੱਢਣ ਵਾਲੀਆਂ ਥਾਵਾਂ ਨਾਲ ਸੰਬੰਧਤ ਹੈ। ਬਿਨੈਕਾਰ ਅਨੁਸਾਰ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਡਿਸਿਲਟਿੰਗ ਦਾ ਕੰਮ ਸਿਰਫ ਹੜ੍ਹ ਰੋਕੂ ਜਾਂ ਜਲ ਮਾਰਗਾਂ ਦੇ ਰੱਖ-ਰਖਾਅ ਤੱਕ ਸੀਮਤ ਨਹੀਂ ਹੈ। ਇਸ ਦੀ ਬਜਾਏ ਇਹ ਵਪਾਰਕ ਉਦੇਸ਼ਾਂ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਕੱਢੀ ਗਈ ਸਿਲਟ ਅਤੇ ਰੇਤ ਨੂੰ ਖੁੱਲ੍ਹੇ ਬਾਜ਼ਾਰ ਵਿੱਚ ਵੇਚਿਆ ਜਾਣਾ ਹੈ।