ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਅਲਟੀਮੇਟਮ

0
6

ਅੰਮਿ੍ਰਤਸਰ : ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਦਿਨ ਲਾਏ ਭਿ੍ਰ੍੍ਸ਼ਟਾਚਾਰ ਦੇ ਗੰਭੀਰ ਦੋਸ਼ਾਂ ਬਾਰੇ ਸਬੂਤ ਪੇਸ਼ ਕਰਨ ਲਈ ਉਨ੍ਹਾਂ ਨੂੰ 72 ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਇਹ ਜਾਣਕਾਰੀ ਇੱਥੇ ਅੰਤਿ੍ਰੰਗ ਕਮੇਟੀ ਦੀ ਅਹਿਮ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੱਤਰਕਾਰਾਂ ਨੂੰ ਦਿੱਤੀ ਗਈ। ਉਨ੍ਹਾ ਕਿਹਾ ਕਿ ਅੰਤਿ੍ਰੰਗ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ 72 ਘੰਟਿਆਂ ਅੰਦਰ ਸਬੂਤ ਪੇਸ਼ ਨਾ ਕਰਨ ’ਤੇ ਉਨ੍ਹਾਂ ਵਿਰੁੱਧ ਕਾਰਵਾਈ ਦੇ ਅਧਿਕਾਰ ਪ੍ਰਧਾਨ ਨੂੰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਅਤੇ ਗੁਰਦੁਆਰਾ ਭੱਠਾ ਸਾਹਿਬ ਰੋਪੜ ਦੀਆਂ ਜ਼ਮੀਨਾਂ ਸੰਬੰਧੀ ਕਥਿਤ ਤੌਰ ’ਤੇ ਗ਼ਲਤ ਬਿਆਨਬਾਜ਼ੀ ਕਰਨ ’ਤੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਹੈ ਕਿ ਜਾਂ ਤਾਂ ਉਹ ਮੁਆਫ਼ੀ ਮੰਗਣ ਨਹੀਂ ਤਾਂ ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਨੂੰ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਮੀਨਾਂ ਦੇ ਮਾਮਲੇ ਵਿਚ ਜੋ ਵੀ ਕਾਰਵਾਈ ਕੀਤੀ ਗਈ ਹੈ, ਉਹ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਤੇ ਕਾਨੂੰਨ ਅਨੁਸਾਰ ਕੀਤੀ ਗਈ ਹੈ। ਅੰਤਿ੍ਰੰਗ ਕਮੇਟੀ ਦੀ ਮੀਟਿੰਗ ਦਾ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਹਨੇ ਕੇ ਨੇ ਬਾਈਕਾਟ ਕੀਤਾ ਹੈ। ਉਨ੍ਹਾ ਆਖਿਆ ਕਿ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਫਾਰਗ ਕਰ ਦਿੱਤਾ ਗਿਆ ਹੈ, ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ ਹੈ। ਉਨ੍ਹਾ ਮੰਗ ਕੀਤੀ ਕਿ ਮੁੱਖ ਗ੍ਰੰਥੀ ਨੂੰ ਫਾਰਗ ਕਰਨ ਦੀ ਥਾਂ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਦੀ ਪਹਿਲਾਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਸਕੱਤਰ ਪ੍ਰਤਾਪ ਸਿੰਘ ਨੂੰ ਮੀਟਿੰਗ ਵਿੱਚ ਬਿਠਾਉਣ ਦਾ ਵੀ ਵਿਰੋਧ ਕੀਤਾ ਹੈ।