ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਮਗੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ।
ਕਿਲ੍ਹਾ ਰਾਏਪੁਰ ਖੇਡਾਂ ਦੀ ਪੁਨਰ-ਸੁਰਜੀਤੀ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ, ਜਿਸ ਤਹਿਤ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾਣਗੇ। ਉਨ੍ਹਾ ਇਹ ਵੀ ਐਲਾਨ ਕੀਤਾ ਕਿ ਕਿਲ੍ਹਾ ਰਾਏਪੁਰ ਵਿੱਚ ਅੱਠ ਏਕੜ ਵਿੱਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਇੱਕ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਦੀ ਲੀਕੇਜ ਨੂੰ ਬੰਦ ਕਰ ਰਹੇ ਹਾਂ, ਜਿਸ ਨਾਲ ਜਨਤਾ ਦਾ ਪੈਸਾ ਬਚਾਇਆ ਜਾ ਰਿਹਾ ਹੈ ਅਤੇ ਇਸ ਨੂੰ ਸਿੱਧਾ ਲੋਕਾਂ ’ਤੇ ਖਰਚ ਕੀਤਾ ਜਾ ਰਿਹਾ ਹੈ।ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਖੇਡਾਂ ਨਸ਼ਿਆਂ ਦੇ ਖਾਤਮੇ ਦਾ ਸਭ ਤੋਂ ਘਾਤਕ ਹਥਿਆਰ ਹਨ ਅਤੇ ਸੂਬਾ ਸਰਕਾਰ ਸੂਬੇ ਦੇ ਆਉਣ ਵਾਲੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕਰੇਗੀ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਖੇਡਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ ਅਤੇ ਮੁੱਖ ਭਾਰਤੀ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਤੀਜੇ ਸਾਲ ਕਿਲ੍ਹਾ ਰਾਏਪੁਰ ਦੇ ਗਰੇਵਾਲ ਸਟੇਡੀਅਮ ਵਿਖੇ ਪੇਂਡੂ ਓਲੰਪਿਕ 2026 ਕਰਵਾਈ ਜਾ ਰਹੀ ਹੈ। ਇਸ ਮੇਲੇ ਦਾ ਮੁੱਖ ਆਕਰਸ਼ਣ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ
ਕਿਲ੍ਹਾ ਰਾਏਪੁਰ ਦੇ ਵਾਸੀਆਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਮਾਨ ਨੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਉਨ੍ਹਾ ਕਿਹਾ ਕਿ ਪਿੰਡ ਦੀ ਫਿਰਨੀ ਵਾਲੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕੀਤਾ ਜਾਵੇਗਾ, ਪਿੰਡ ਦੀ ਸਹਿਕਾਰੀ ਸਭਾ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ, ਪਿੰਡ ਦੇ ਅੱਠ ਏਕੜ ਵਿੱਚ ਫੈਲੇ ਛੱਪੜ ਨੂੰ 95 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ’ਤੇ ਵਿਕਸਤ ਕੀਤਾ ਜਾਵੇਗਾ, ਪਿੰਡ ਦੀ ਲਾਇਬ੍ਰੇਰੀ ਨੂੰ 10 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਿਕਸ-ਏ-ਸਾਈਡ ਹਾਕੀ ਐਸਟ੍ਰੋਟਰਫ ਦੇ ਨਿਰਮਾਣ ’ਤੇ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਟੇਡੀਅਮ ਵਿੱਚ ਫਲੱਡ ਲਾਈਟਾਂ ਲਗਾਈਆਂ ਜਾਣਗੀਆਂ। ਡੇਹਲੋਂ ਤੋਂ ਪੱਖੋਵਾਲ ਸੜਕ ਦਾ 30 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ ਅਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।ਇਸ ਮੌਕੇ ‘ਆਪ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।





