ਚੰਡੀਗੜ੍ਹ : ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਨੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿੱਚ ਖੇਤੀ ਖੇਤਰ ਨੂੰ ਸ਼ਾਮਿਲ ਕਰਨ ਖਿਲਾਫ 10 ਮਾਰਚ ਨੂੰ ਬਰਨਾਲਾ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ, ਜਿੱਥੋਂ ਸੰਘਰਸ਼ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ । ਇਹ ਫੈਸਲਾ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਇਕਾਈ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੀਨੀਅਰ ਆਗੂ ਰਮਿੰਦਰ ਸਿੰਘ ਪਟਿਆਲਾ, ਬਲਵਿੰਦਰ ਸਿੰਘ ਰਾਜੂ, ਬੋਗ ਸਿੰਘ ਮਾਨਸਾ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾਣ ਵਾਲੇ ਸਮਝੌਤੇ ਵਿੱਚ ਖੇਤੀ ਖੇਤਰ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਲੋਕਾਂ ਨੂੰ ਗੰੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਮੋਰਚੇ ਦੇ ਆਗੂਆਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਕੇਂਦਰੀ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤੇ ਜਾਣ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਿਆ ਜਾਵੇ। ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਝੂਠ ਬੋਲ ਕੇ ਲੋਕਾਂ ਨੂੰ ਗੰੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਫਰੇਮਵਰਕ ਵਿੱਚ ਸਪੱਸ਼ਟ ਤੌਰ ’ਤੇ ਖੇਤੀ ਖੇਤਰ ਨੂੰ ਸ਼ਾਮਿਲ ਕਰਨ ਦਾ ਜ਼ਿਕਰ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਨੇ ਲੰਘੇ ਦਿਨ ਬਠਿੰਡਾ ਵਿੱਚ ਪੁਲਸ ਵੱਲੋਂ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਅਤੇ ਜਬਰ ਦੀ ਨਿਖੇਧੀ ਕੀਤੀ। ਇਸ ਦੇ ਨਾਲ ਹੀ ਮੋਰਚਾ ਨੇ ਐੱਸ ਐੱਸ ਪੀ ਬਠਿੰਡਾ ਜੋਤੀ ਯਾਦਵ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਦੋਂ ਕਿ ਜੋਤੀ ਯਾਦਵ ਦੇ ਆਦੇਸ਼ਾਂ ’ਤੇ ਪੁਲਸ ਨੇ ਕਿਸਾਨਾਂ ਉੱਤੇ ਹਮਲਾ ਕੀਤਾ ਅਤੇ ਉਸ ਤੋਂ ਬਾਅਦ ਟਕਰਾਅ ਵਧਿਆ। ਮੀਟਿੰਗ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਸ਼ਾਦੀਪੁਰ, ਦਲਬੀਰ ਸਿੰਘ, ਕੈਪਟਨ ਮੇਜਰ ਸਿੰਘ ਸਣੇ ਵੱਡੀ ਗਿਣਤੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮੌਜੂਦ ਸਨ।





