ਚੰਡੀਗੜ੍ਹ, (ਗੁਰਜੀਤ ਬਿੱਲਾ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬਾ ਸਰਕਾਰ ਦੁਆਰਾ 27 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿਚਲੇ ਕੰਮਾਂ ਦਾ ਵੇਰਵੇ ਮੰਗੇ ਜਾਣ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾ ਰਾਜਪਾਲ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ’ਚ ‘ਅਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 75 ਸਾਲਾਂ ’ਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਮੰਗੀ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ, ਕਿਉਂਕਿ ਪੰਜਾਬ ਦੇ ਰਾਜਪਾਲ ਸਪੱਸ਼ਟ ਤੌਰ ’ਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਕੰਮ ਕਰ ਰਹੇ ਹਨ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲਾ ਕਰਦਿਆਂ ਅਰੋੜਾ ਨੇ ਕਿਹਾ ਕਿ ਜਿੱਥੇ ਕਿਤੇ ਵੀ ਭਾਜਪਾ ਦੀ ਸਰਕਾਰ ਨਹੀਂ, ਉੱਥੇ ਉਨ੍ਹਾਂ ਦੇ ਰਾਜਪਾਲ ਵਿਰੋਧੀ ਧਿਰ ਵਜੋਂ ਕੰਮ ਕਰ ਰਹੇ ਹਨ। ਉਹ ਸੱਤਾਧਾਰੀ ਸਰਕਾਰਾਂ ਨੂੰ ਕੰਮ ਕਰਨ ਤੋਂ ਰੋਕਣ ਲਈ ਅਤੇ ਆਪਣਾ ਘਟੀਆ ਰਾਜਨੀਤਕ ਏਜੰਡਾ ਲਾਗੂ ਕਰਨ ਲਈ ਅਜਿਹਾ ਕਰ ਰਹੇ ਹਨ। ਇਸੇ ਲਈ ਪੰਜਾਬ ਦੇ ਰਾਜਪਾਲ ‘ਆਪ’ ਸਰਕਾਰ ਨੂੰ ਵਾਰ-ਵਾਰ ਨੋਟਿਸ ਭੇਜ ਰਹੇ ਹਨ ਅਤੇ ਪਾਰਟੀ ਨੂੰ ਭਾਰਤ ਦੇ ਸੰਵਿਧਾਨ ਅਨੁਸਾਰ ਖੁੱਲ੍ਹ ਕੇ ਕੰਮ ਕਰਨ ਤੋਂ ਰੋਕ ਰਹੇ ਹਨ। ਅਰੋੜਾ ਅਨੁਸਾਰਲੋਕਤੰਤਰ ਦਾ ਕਤਲ ਕਰਨ ਦੀ ਤਾਜ਼ਾ ਕੋਸ਼ਿਸ਼ ਇਹ ਹੈ ਕਿ ਭਾਜਪਾ ਦੇ ਇਸ਼ਾਰੇ ’ਤੇ ਗਵਰਨਰ ਦਫਤਰ ਨੇ 27 ਸਤੰਬਰ ਲਈ ਵਿਧਾਨਕ ਕੰਮਕਾਜ ਦੇ ਵੇਰਵੇ ਮੰਗੇ, ਜੋ ਪਹਿਲਾਂ ਕਦੇ ਨਹੀਂ ਹੋਇਆ। ਪਹਿਲਾਂ ਵੀ ਭਾਜਪਾ ਦੇ ਕਹਿਣ ’ਤੇ ਰਾਜਪਾਲ ਨੇ 22 ਸਤੰਬਰ ਨੂੰ ਬੁਲਾਏ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਰੱਦ ਕਰ ਦਿੱਤਾ, ਕਿਉਂਕਿ ਉਨ੍ਹਾ ਨੂੰ ਪਤਾ ਹੈ ਕਿ ਇਸ ਸੈਸ਼ਨ ’ਚ ਅਪ੍ਰੇਸ਼ਨ ਲੋਟਸ’ ਦਾ ਪਰਦਾ ਫਾਸ਼ ਹੋਣਾ ਸੀ। ਉਨ੍ਹਾ ਕਿਹਾ ਕਿ ਦਿੱਲੀ ’ਚ ਭਾਜਪਾ ਦੇ ਉਪ ਰਾਜਪਾਲ ‘ਆਪ’ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ ਅਤੇ ਹੁਣ ਪੰਜਾਬ ’ਚ ਭਾਜਪਾ ਨੇ ਇਹ ਕੰਮ ਰਾਜਪਾਲ ਨੂੰ ਸੌਂਪ ਦਿੱਤਾ ਹੈ। ਉਹ ‘ਆਪ’ ਦੀ ਵਧਦੀ ਲੋਕਪਿ੍ਰਅਤਾ ਤੋਂ ਡਰਦੇ ਹਨ ਅਤੇ ਪਾਰਟੀ ਨੂੰ ਲੋਕ-ਪੱਖੀ ਮੁੱਦੇ ਉਠਾਉਣ ਤੋਂ ਕਿਸੇ ਵੀ ਤਰੀਕੇ ਨਾਲ ਰੋਕਣਾ ਚਾਹੁੰਦੇ ਹਨ, ਪਰ ‘ਆਪ’ ਲੋਕਤੰਤਰ ਦੀ ਰਾਖੀ ਲਈ ਕੰਮ ਕਰਨਾ ਜਾਰੀ ਰੱਖੇਗੀ।




