ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਰੱਦ ਕੀਤੇ ਜਾਣ ਨੂੰ ਲੈ ਕੇ ਆਪ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਸ਼ਨੀਵਾਰ ਵੀ ਜਾਰੀ ਰਹੀ। ਇਸ ਸੰਬੰਧ ’ਚ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਰਾਜਪਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ’ਚ ਹੋਣ ਵਾਲੇ ਵਿਧਾਨਕ ਕੰਮਾਂ ਦੇ ਵੇਰਵੇ ਦੇਣ ਲਈ ਕਿਹਾ ਸੀ।
ਇਸ ਦੇ ਨਾਲ ਹੀ ਉਹਨਾ ਪ੍ਰੈੱਸ ਰਿਲੀਜ਼ ਰਾਹੀਂ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸੰਵਿਧਾਨ ਦੀ ਧਾਰਾ 167 ਅਤੇ 168 ਪੜ੍ਹਨ ਲਈ ਕਿਹਾ ਹੈ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਤੁਸੀਂ ਮੇਰੇ ਨਾਲ ਟੂ ਮੱਚ ਐਂਗਰੀ ਲੱਗਦੇ ਹੋ ਅਤੇ ਨਾਲ ਹੀ ਕਿਹਾ ਕਿ ਇਹ ਵੀ ਜਾਪ ਰਿਹਾ ਹੈ ਕਿ ਤੁਹਾਡੀ ਲੀਗਲ ਟੀਮ ਤੁਹਾਨੂੰ ਚੰਗੀ ਸਲਾਹ ਨਹੀਂ ਦੇ ਰਹੀ।
ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮਾਨ ਨੇ ਇੱਕ ਟਵੀਟ ’ਚ ਕਿਹਾ ਸੀ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਰਾਜਪਾਲ ਤੋਂ ਸਹਿਮਤੀ ਲੈਣਾ ਸਿਰਫ ਖਾਨਾਪੂਰਤੀ ਹੈ। 75 ਸਾਲਾਂ ’ਚ ਕਿਸੇ ਵੀ ਰਾਸ਼ਟਰਪਤੀ ਤੇ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਪੁੱਛੀ। ਮਾਨ ਨੇ ਇੱਕ ਟਵੀਟ ’ਚ ਕਿਹਾ ਕਿ ਇੱਕ ਦਿਨ ਰਾਜਪਾਲ ‘ਸਭ ਭਾਸ਼ਣਾਂ ਦੀ ਪ੍ਰਵਾਨਗੀ ਲਈ ਮੰਗ ਕਰਨਗੇ।’ ਇਸ ਦਾ ਜਵਾਬ ਦਿੰਦੇ ਹੋਏ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਕਿ ਅਖਬਾਰਾਂ ਵਿਚ ਤੁਹਾਡੇ ਬਿਆਨ ਪੜ੍ਹ ਕੇ ਲੱਗਦਾ ਹੈ ਕਿ ਸ਼ਾਇਦ ਤੁਸੀਂ ਮੇਰੇ ਨਾਲ ਬਹੁਤ ਜ਼ਿਆਦਾ ਨਾਰਾਜ਼ ਹੋ। ਲਗਦਾ ਹੈ ਕਿ ਤੁਹਾਡੇ ਕਾਨੂੰਨੀ ਸਲਾਹਕਾਰ ਤੁਹਾਨੂੰ ਸਹੀ ਢੰਗ ਨਾਲ ਜਾਣਕਾਰੀ ਨਹੀਂ ਦੇ ਰਹੇ। ਸੰਵਿਧਾਨ ਦੇ ਆਰਟੀਕਲ 167 ਅਤੇ 168 ਦੇ ਉਪਬੰਧਾਂ ਨੂੰ ਪੜ੍ਹ ਕੇ ਸ਼ਾਇਦ ਤੁਹਾਡੀ ਰਾਏ ਜ਼ਰੂਰ ਬਦਲ ਜਾਵੇਗੀ।