ਨੀਲੇ ਕਾਰਡ ਵਾਲਿਆਂ ਨੂੰ ਦੋ ਕਿੱਲੋ ਮਾਂਹ-ਛੋਲਿਆਂ ਦੀ ਦਾਲ, ਦੋ ਕਿੱਲੋ ਖੰਡ, ਕਿੱਲੋ ਸਰ੍ਹੋਂ ਦਾ ਤੇਲ, ਕਿੱਲੋ ਲੂਣ ਤੇ 200 ਗ੍ਰਾਮ ਹਲਦੀ ਤਿੰਨ ਮਹੀਨਿਆਂ ਦੇ ਇਕੱਠੇ ਦੇਵਾਂਗੇ : ਮਾਨ

0
3

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸੂਬੇ ਵਿੱਚ ਗਰੀਬ ਅਤੇ ਪਿਛੜੇ ਵਰਗ ਦੇ ਲੋਕਾਂ ਨੂੰ ਪੌਸ਼ਟਿਕ ਭੋਜਨ ਮੁਹਈਆ ਕਰਵਾਉਣ ਲਈ ‘ਮੇਰੀ ਰਸੋਈ ਸਕੀਮ’ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ 40 ਲੱਖ ਨੀਲਾ ਕਾਰਡ ਧਾਰਕਾਂ ਨੂੰ ਤਿਮਾਹੀ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਇਸ ਵਿੱਚ ਦੋ ਕਿੱਲੋ ਮਾਹ-ਛੋਲਿਆਂ ਦੀ ਦਾਲ, ਦੋ ਕਿੱਲੋ ਖੰਡ, ਇੱਕ ਕਿੱਲੋ ਲੂਣ, ਇੱਕ ਕਿੱਲੋ ਸਰ੍ਹੋਂ ਦਾ ਤੇਲ ਅਤੇ 200 ਗ੍ਰਾਮ ਹਲਦੀ ਸ਼ਾਮਲ ਦਿੱਤੀ ਜਾਵੇਗੀ। ਇਹ ਰਾਸ਼ਨ ਤਿੰਨ ਮਹੀਨੇ ਦਾ ਇਕੱਠਾ ਮੁਹਈਆ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਪੌਸ਼ਟਿਕ ਭੋਜਨ ਨਾ ਮਿਲਣ ਕਰਕੇ ਕਈ ਤਰ੍ਹਾਂ ਦੀਆਂ ਸਰੀਰਕ ਕਮੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ ਸਕੀਮ’ ਰਾਹੀਂ ਸੂਬੇ ਦੇ 40 ਲੱਖ ਨੀਲਾ ਕਾਰਡ ਲੋਕਾਂ ਨੂੰ ਵਿਟਾਮਿਨ ਅਤੇ ਪ੍ਰੋਟੀਨ ਨਾਲ ਭਰਿਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।
ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ’ਤੇ ਪ੍ਰਦਾਨ ਕੀਤੀਆਂ ਜਾਣਗੀਆਂ।ਇਨ੍ਹਾਂ ਕਿੱਟਾਂ ਦੀ ਵੰਡ ਅਪ੍ਰੈਲ ਵਿੱਚ ਸ਼ੁਰੂ ਹੋਵੇਗੀ।ਇਸੇ ਦੌਰਾਨ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ।
2026-27 ਦਾ ਬਜਟ ਇਜਲਾਸ 6 ਮਾਰਚ ਨੂੰ ਸ਼ੁਰੂ ਹੋ ਕੇ 16 ਮਾਰਚ ਤੱਕ ਚੱਲੇਗਾ। ਮਾਨ ਨੇ ਕਿਹਾ ਕਿ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਵਾਰ ਔਰਤਾਂ ਨੂੰ ਬਜਟ ਵਿੱਚ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਫੈਸਲਾ ਲਿਆ ਜਾਵੇਗਾ। ਇਸ ਲਈ ਐਤਵਾਰ 8 ਮਾਰਚ ਨੂੰ ਕੌਮਾਂਤਰੀ ਨਾਰੀ ਦਿਵਸ ਮੌਕੇ ਬਜਟ ਪੇਸ਼ ਕੀਤਾ ਜਾਵੇਗਾ।