ਲਾਹੌਰ : ਪਾਕਿਸਤਾਨ ਦੇ ਸਿਆਲਕੋਟ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ, ਜੋ ਵੰਡ ਤੋਂ ਬਾਅਦ ਬੰਦ ਪਿਆ ਸੀ, ਆਬਾਦ ਕੀਤਾ ਜਾਵੇਗਾ। ਗੁਰਦੁਆਰਾ ਪਹਿਲੀ ਪਾਤਸ਼ਾਹੀ ਨਾਨਕਸਰ ਸਿਆਲਕੋਟ ਦੇ ਡਸਕਾ ਜ਼ਿਲ੍ਹੇ ਦੇ ਪਿੰਡ ਫਤਹਿ ਭਿੰਡਰ ਵਿੱਚ ਸਥਿਤ ਹੈ। ਇਸ ਦੀ ਇਮਾਰਤ ਕਾਫੀ ਖਸਤਾ ਹਾਲਤ ਵਿੱਚ ਹੈ, ਜਿਸ ਦੀ ਮੁਰੰਮਤ ਲਈ ਹੁਣ ਜਾਂਚ ਕੀਤੀ ਜਾ ਰਹੀ ਹੈ।
ਮੰਨਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਇਸ ਅਸਥਾਨ ਦੀ ਯਾਤਰਾ ਕੀਤੀ ਸੀ। ਵੰਡ ਵੇਲੇ ਇਹ ਹਿੱਸਾ ਪਾਕਿਸਤਾਨ ਵਿੱਚ ਰਹਿ ਗਿਆ ਸੀ ਅਤੇ ਸਿੱਖ ਪਰਵਾਰਾਂ ਦੇ ਉੱਥੋਂ ਚਲੇ ਜਾਣ ਕਾਰਨ ਇਹ ਅਸਥਾਨ ਲੰਬੇ ਸਮੇਂ ਤੋਂ ਖਾਲੀ ਪਿਆ ਸੀ। ਉੱਥੇ ਅੱਜ ਵੀ ਗੁਰਮੁਖੀ ਵਿੱਚ ਲਿਖੀ ਇੱਕ ਸੰਗਮਰਮਰ ਦੀ ਤਖਤੀ ਮੌਜੂਦ ਹੈ, ਜੋ ਗੁਰੂ ਸਾਹਿਬ ਦੀ ਫੇਰੀ ਬਾਰੇ ਜਾਣਕਾਰੀ ਦਿੰਦੀ ਹੈ। ਪਾਕਿਸਤਾਨ ਦੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਸੱਭਿਆਚਾਰਕ ਕਮੇਟੀ ਦੀ ਚੇਅਰਪਰਸਨ ਸਈਦਾ ਨੋਸ਼ੀਨ ਇਫਤਿਖਾਰ ਅਤੇ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਨੇ ਮਾਹਰਾਂ ਨਾਲ ਮਿਲ ਕੇ ਇਸ ਅਸਥਾਨ ਦਾ ਦੌਰਾ ਕੀਤਾ। ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਸਿਆਲਕੋਟ ਦੇ ‘ਬਾਬੇ ਦੀ ਬੇਰੀ’ ਤੋਂ ਵਾਪਸ ਪਰਤਦੇ ਹੋਏ ਇੱਥੇ ਰੁਕੇ ਸਨ। ਉਨ੍ਹਾ ਕਿਹਾ ਕਿ ਇਹ ਗੁਰਦੁਆਰਾ ਲੱਗਭੱਗ 80 ਸਾਲਾਂ ਤੋਂ ਬੰਦ ਰਹਿਣ ਕਾਰਨ ਕਾਫੀ ਖਸਤਾ ਹਾਲ ਹੋ ਚੁੱਕਾ ਹੈ ਅਤੇ ਇਮਾਰਤ ਵਿੱਚ ਤਰੇੜਾਂ ਆ ਗਈਆਂ ਹਨ। ਉਨ੍ਹਾ ਦੱਸਿਆ ਕਿ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਮੁਤਾਬਕ ਸਿੱਖ ਵਿਰਾਸਤ ਨੂੰ ਸੰਭਾਲਣ ਅਤੇ ਧਾਰਮਕ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਇਹ ਕੰਮ ਕੀਤਾ ਜਾ ਰਿਹਾ ਹੈ। ਅਗਲੇ ਤਿੰਨ ਸਾਲਾਂ ਵਿੱਚ ਪਾਕਿਸਤਾਨ ਦੇ ਲੱਗਭੱਗ 40-50 ਗੁਰਦੁਆਰਿਆਂ ਦੀ ਮੁਰੰਮਤ ਕਰਨ ਦੀ ਯੋਜਨਾ ਹੈ। ਪਹਿਲੇ ਪੜਾਅ ਵਿੱਚ 17-18 ਗੁਰਦੁਆਰਿਆਂ ਦਾ ਕੰਮ ਚੱਲ ਰਿਹਾ ਹੈ, ਜੋ ਮਈ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਅਰੋੜਾ ਨੇ ਕਿਹਾ ਕਿ ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂ ਇਹ ਦੇਖ ਕੇ ਖੁਸ਼ ਹੁੰਦੇ ਹਨ ਕਿ ਉਨ੍ਹਾਂ ਦੇ ਪਵਿੱਤਰ ਅਸਥਾਨ ਸੁਰੱਖਿਅਤ ਹਨ। ਉਨ੍ਹਾ ਇਹ ਵੀ ਕਿਹਾ ਕਿ ਪਾਕਿਸਤਾਨ ਤੋਂ ਬਿਨਾਂ ਸਿੱਖ ਇਤਿਹਾਸ ਅਧੂਰਾ ਹੈ।


