ਸਕੂਲਾਂ ’ਚ 400 ਕਰੋੜ ਦੀ ਲਾਗਤ ਨਾਲ ਆਧੁਨਿਕ ਕੰਪਿਊਟਰ ਲਾਉਣੇ ਸ਼ੁਰੂ : ਬੈਂਸ

0
4

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ 38649 ਆਧੁਨਿਕ ਕੰਪਿਊਟਰ ਸਥਾਪਤ ਕੀਤੇ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲਾਂ ਵਿੱਚ ਪੁਰਾਣੇ ਕੰਪਿਊਟਰ ਲੱਗੇ ਹੋਏ ਸਨ, ਜਿੱਥੇ ਬੱਚਿਆਂ ਨੂੰ ਕੁਝ ਸਿੱਖਣ ਨੂੰ ਨਹੀਂ ਮਿਲ ਰਿਹਾ ਸੀ। ਇਸ ਲਈ ਸੂਬਾ ਸਰਕਾਰ ਵੱਲੋਂ 5000 ਤੋਂ ਵੱਧ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਧੁਨਿਕ ਕੰਪਿਊਟਰ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਦੇ 3700 ਦੇ ਕਰੀਬ ਸਕੂਲਾਂ ਵਿੱਚ ਇੰਟਰੈਕਟਿਵ ਪੈਨਲ ਲਗਾਏ ਜਾਣਗੇ। ਬੈਂਸ ਨੇ ਕਿਹਾ ਕਿ ਸੰਗਰੂਰ ਤੇ ਰੋਪੜ ਵਿੱਚ ਵੀਰਵਾਰ ਕੰਪਿਊਟਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਬਾਕੀ ਜ਼ਿਲ੍ਹਿਆਂ ਵਿੱਚ 20 ਮਾਰਚ ਤੱਕ ਕੰਪਿਊਟਰ ਲਗਾਏ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾ ਕਿਹਾ, ‘ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਏਨੇ ਵੱਡੇ ਪੱਧਰ ’ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਇਆ। ਹੁਣ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ ਦੀ ਆਧੁਨਿਕ ਡਿਜੀਟਲ ਸਾਧਨਾਂ ਤੱਕ ਆਸਾਨ ਪਹੁੰਚ ਹੋਵੇ। ਸਾਡੇ ਵਿਦਿਆਰਥੀਆਂ ਨੂੰ ਸਿਰਫ਼ ਅੱਜ ਲਈ ਹੀ ਨਹੀਂ, ਸਗੋਂ ਭਵਿੱਖ ਲਈ ਵੀ ਤਿਆਰ ਹੋਣੇ ਚਾਹੀਦੇ ਹਨ।’ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਪੁਰਾਣੇ ਹਾਰਡਵੇਅਰ ਅਤੇ ਕੰਪਿਊਟਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਈ ਸਕੂਲ ਅਤੇ ਮਿਡਲ ਸਕੂਲ ਨਵੀਨਤਮ ਡਿਜੀਟਲ ਬੁਨਿਆਦੀ ਢਾਂਚੇ ਨਾਲ ਲੈਸ ਹੋਣ।
ਬੈਂਸ ਨੇ ਕਿਹਾ5,012 ਸਰਕਾਰੀ ਸਕੂਲਾਂ ਨੂੰ ਨਵੀਨਤਮ ਸਾਫਟਵੇਅਰ ਨਾਲ ਲੈਸ 38,649 ਨਵੇਂ ਕੰਪਿਊਟਰ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਕੰਪਿਊਟਰ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਨਾਲ-ਨਾਲ 50 ਫ਼ੀਸਦੀ ਮਿਡਲ ਸਕੂਲਾਂ ਨੂੰ ਦਿੱਤੇ ਜਾਣਗੇ, ਤਾਂ ਜੋ ਵਿਦਿਆਰਥੀਆਂ ਦੀ ਨਵੀਨਤਮ ਹਾਰਡਵੇਅਰ ਅਤੇ ਤਕਨਾਲੋਜੀ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾ ਦੱਸਿਆ ਕਿ 5000 ਸਰਕਾਰੀ ਸਕੂਲਾਂ ਵਿੱਚ ਸਮਰਪਤ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੰਪਿਊਟਰ ਲੈਬਾਂ ਯਕੀਨੀ ਬਣਾਈਆਂ ਜਾਣ। ਉਨ੍ਹਾ ਕਿਹਾਇੰਟਰਐਕਟਿਵ ਲਰਨਿੰਗ ਨੂੰ ਉਤਸ਼ਾਹਤ ਕਰਨ ਲਈ ਅਸੀਂ 3694 ਸਕੂਲਾਂ ਵਿੱਚ 8268 ਇੰਟਰਐਕਟਿਵ ਫਲੈਟ ਪੈਨਲ ਸਥਾਪਤ ਕਰ ਰਹੇ ਹਾਂ। ਹਰੇਕ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲ ਨੂੰ ਇਹ ਪੈਨਲ ਦਿੱਤੇ ਜਾਣਗੇ, ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ਤੇ ਵੱਡੇ ਸਕੂਲਾਂ ਨੂੰ ਚਾਰ, ਪੰਜ ਜਾਂ ਅੱਠ ਯੂਨਿਟ ਦਿੱਤੇ ਜਾਣਗੇ। ਤਕਨਾਲੋਜੀ ਵਿੱਚ ਕੀਤੇ ਇਸ ਵੱਡੇ ਨਿਵੇਸ਼ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਡਿਜੀਟਲ ਸਾਖਰਤਾ ਅਤੇ ਸਮਾਰਟ ਲਰਨਿੰਗ ਹੁਣ ਸਿਰਫ ਨਿੱਜੀ ਸਕੂਲਾਂ ਤੱਕ ਹੀ ਸੀਮਿਤ ਨਹੀਂ ਹਨ ਬਲਕਿ ਇਹ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ ਵਿਦਿਆਰਥੀ ਦਾ ਬੁਨਿਆਦੀ ਅਧਿਕਾਰ ਹਨ।
ਇਸ ਕਦਮ ਨੂੰ ਰਵਾਇਤੀ ਚਾਕ ਬੋਰਡਾਂ ਤੋਂ ਤਕਨਾਲੋਜੀ ਅਧਾਰਤ ਸਮਾਰਟ ਕਲਾਸਰੂਮਾਂ ਵੱਲ ਇੱਕ ਫੈਸਲਾਕੁੰਨ ਤਬਦੀਲੀ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਕਦਮ ਤਹਿਤ ਪੁਰਾਣੇ ਕੰਪਿਊਟਰਾਂ ਨੂੰ ਬਦਲਿਆ ਜਾਵੇਗਾ। ਬਹੁਤ ਲੰਬੇ ਸਮੇਂ ਤੋਂ ਸਾਡੇ ਵਿਦਿਆਰਥੀ ਪੁਰਾਣੇ ਕੰਪਿਊਟਰਾਂ ’ਤੇ ਕੰਮ ਕਰ ਰਹੇ ਸਨ, ਜੋ ਬਹੁਤ ਘੱਟ ਕੰਮ ਕਰਦੇ ਸਨ ਅਤੇ ਅਜੇ ਵੀ ਮਾਈਕ੍ਰੋਸਾਫਟ ਪੇਂਟ ਦੇ ਪੁਰਾਣੇ ਸੰਸਕਰਣਾਂ ਤੇ ਚੱਲ ਰਹੇ ਸਨ। ਅਸੀਂ ਇਸ ਨੂੰ ਸਥਾਈ ਤੌਰ ਤੇ ਬਦਲ ਰਹੇ ਹਾਂ।ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ 21 ਫਰਵਰੀ ਤੋਂ 20 ਮਾਰਚ ਤੱਕ ਸਕੂਲ ਪੱਧਰੀ ਅਨਬਾਕਸਿੰਗ ਸੈਲੀਬ੍ਰੇਸ਼ਨ ਪ੍ਰੋਗਰਾਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ, ਪੰਚਾਇਤਾਂ, ਸੇਵਾਮੁਕਤ ਅਧਿਆਪਕਾਂ ਅਤੇ ਸਾਬਕਾ ਸੈਨਿਕਾਂ ਨੂੰ ਇਸ ਨਵੇਂ ਡਿਜੀਟਲ ਯੁੱਗ ਦੀ ਸ਼ੁਰੂਆਤ ਦੇ ਗਵਾਹ ਬਣਨ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾ ਕਿਹਾਅਸੀਂ ਚਾਹੁੰਦੇ ਹਾਂ ਕਿ ਸਮੁੱਚਾ ਭਾਈਚਾਰਾ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਕੀਤੀ ਜਾ ਰਹੀ ਇਸ ਅਹਿਮ ਤਬਦੀਲੀ ਦਾ ਅਨੁਭਵ ਕਰੇ। ਅਕਸਰ ਲੋਕ ਸਰਕਾਰੀ ਸਕੂਲਾਂ ਨੂੰ ਬਾਹਰੋਂ ਦੇਖਦੇ ਹਨ ਅਤੇ ਅੰਦਰਲੀਆਂ ਤਬਦੀਲੀਆਂ ਬਾਰੇ ਉਨ੍ਹਾਂ ਨੂੰ ਅਹਿਸਾਸ ਨਹੀਂ ਹੁੰਦਾ। ਮਾਪਿਆਂ ਨੂੰ ਇਹ ਦੇਖਣ ਦਿਓ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਦੇ ਖੇਤਰ ਦੇ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਨਵੀਨਤਮ ਤਕਨਾਲੋਜੀ ਨਾਲ ਸਿੱਖਿਆ ਪ੍ਰਾਪਤ ਰਹੇ ਹਨ। ਇਸ ਨਾਲ ਸਾਡੀ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦਾ ਵਿਸ਼ਵਾਸ ਹੋਰ ਵਧੇਗਾ।ਟੀ ਈ ਟੀ ਸੰਬੰਧੀ ਯੋਗਤਾਵਾਂ ਬਾਰੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਬੈਂਸ ਨੇ ਕਿਹਾ, ਮੈਂ ਹਰੇਕ ਅਧਿਆਪਕ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ। ਤੁਹਾਡੀਆਂ ਨੌਕਰੀਆਂ ਸੁਰੱਖਿਅਤ ਹਨ। ਕੋਈ ਵੀ ਆਪਣੀ ਨੌਕਰੀ ਨਹੀਂ ਗੁਆਏਗਾ। ਉਨ੍ਹਾ ਕਿਹਾ ਕਿ ਉਹ 20 ਤੋਂ 25 ਸਾਲਾਂ ਤੋਂ ਸੇਵਾ ਨਿਭਾ ਰਹੇ ਤਜਰਬੇਕਾਰ ਅਧਿਆਪਕਾਂ ਦਰਮਿਆਨ ਵਧ ਰਹੀ ਚਿੰਤਾ ਨੂੰ ਸਮਝਦੇ ਹਨ। ਉਨ੍ਹਾ ਭਰੋਸਾ ਦਿੱਤਾ ਕਿ ਕਾਨੂੰਨੀ ਹੱਲ ਲੱਭੇ ਜਾ ਰਹੇ ਹਨ। ਉਹ ਅਧਿਆਪਕ ਯੂਨੀਅਨਾਂ ਦੇ ਨਿਰੰਤਰ ਸੰਪਰਕ ਵਿੱਚ ਹਨ ਅਤੇ ਕਾਨੂੰਨੀ ਰਾਹ ਦੀ ਭਾਲ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਅਧਿਆਪਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।