ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ,
ਕੰਵਲਜੀਤ ਸਿੰਘ)
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਨੇ ਵੀਰਵਾਰ ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ। ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਐੱਸ ਜੀ ਪੀ ਸੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦੇ ਅਲਟੀਮੇਟਮ ਦਾ ਸਮਾਂ ਖਤਮ ਹੋ ਗਿਆ। ਐੱਸ ਜੀ ਪੀ ਸੀ ਨੇ ਉਨ੍ਹਾ ਨੂੰ ਲਗਾਏ ਗਏ ਦੋਸ਼ਾਂ ਦੇ ਸਬੂਤ ਪੇਸ਼ ਕਰਨ ਲਈ ਅਲਟੀਮੇਟਮ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਨੇ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ। ਉਨ੍ਹਾ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਰਗੇ ਸਤਿਕਾਰਤ ਅਹੁਦੇ ’ਤੇ ਰਹਿੰਦਿਆਂ ਬਿਨਾਂ ਕਿਸੇ ਪੁਖਤਾ ਸਬੂਤ ਦੇ ਦੋਸ਼ ਲਗਾਉਣ ਨਾਲ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਇਹ ਕਦਮ ਚੁੱਕਣਾ ਜ਼ਰੂਰੀ ਹੋ ਗਿਆ ਸੀ। ਇਹ ਫੈਸਲਾ ਕਿਸੇ ਨਿੱਜੀ ਵਿਰੋਧ ਕਾਰਨ ਨਹੀਂ ਬਲਕਿ ਸੰਸਥਾ ਦੀ ਸਾਖ ਨੂੰ ਬਚਾਉਣ ਲਈ ਲਿਆ ਗਿਆ ਹੈ। ਜਦੋਂ ਕੋਈ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਹੈੱਡ ਗ੍ਰੰਥੀ ਦੀ ਸੇਵਾ ਨਿਭਾਉਂਦਾ ਹੈ, ਤਾਂ ਉਸ ਦੇ ਹਰ ਸ਼ਬਦ ਦੀ ਬਹੁਤ ਅਹਿਮੀਅਤ ਹੁੰਦੀ ਹੈ। ਐਡਵੋਕੇਟ ਧਾਮੀ ਨੇ ਇਹ ਸਪੱਸ਼ਟ ਕੀਤਾ ਕਿ ਬਿਨਾਂ ਸਬੂਤਾਂ ਦੇ ਜਨਤਕ ਤੌਰ ’ਤੇ ਦੋਸ਼ ਲਗਾਉਣ ਨਾਲ ਸਿੱਖ ਸੰਗਤ ਵਿੱਚ ਦੁਬਿਧਾ ਪੈਦਾ ਹੁੰਦੀ ਹੈ, ਜਿਸ ਨੂੰ ਰੋਕਣ ਲਈ ਕਮੇਟੀ ਨੇ ਇਹ ਸਖਤ ਕਦਮ ਚੁੱਕਿਆ ਹੈ। ਗਿਆਨੀ ਰਘਬੀਰ ਸਿੰਘ ਨੂੰ ਆਪਣਾ ਪੱਖ ਰੱਖਣ ਅਤੇ ਦੋਸ਼ਾਂ ਨੂੰ ਸਾਬਤ ਕਰਨ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਨਿਰਧਾਰਿਤ ਸਮੇਂ ਅੰਦਰ ਤਸੱਲੀਬਖਸ਼ ਜਵਾਬ ਜਾਂ ਸਬੂਤ ਨਾ ਮਿਲਣ ਕਰਕੇ, ਕਮੇਟੀ ਨੇ ਉਨ੍ਹਾ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਤੁਰੰਤ ਲਾਗੂ ਕਰ ਦਿੱਤਾ। ਹੁਣ ਆਉਣ ਵਾਲੇ ਦਿਨਾਂ ਵਿੱਚ ਇਸ ਅਹਿਮ ਅਹੁਦੇ ਲਈ ਨਵੀਂ ਨਿਯੁਕਤੀ ਜਾਂ ਵਾਧੂ ਚਾਰਜ ਸੰਬੰਧੀ ਫੈਸਲਾ ਲਿਆ ਜਾ ਸਕਦਾ ਹੈ। ਇਸੇ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਐੱਸ ਜੀ ਪੀ ਸੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਘਪਲਿਆਂ ਦੇ ਸਬੂਤ ਹੁਣ ਸੰਗਤਾਂ ਦੀ ਹਾਜ਼ਰੀ ’ਚ ਰੱਖਣਗੇ।





