ਜਲੰਧਰ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਵਿਸ਼ੇਸ਼ ਅਦਾਲਤ ਵੱਲੋਂ ਬਰੀ ਹੋਣ ’ਤੇ ਉਨ੍ਹਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਦੀਪਕ ਬਾਲੀ ਨੇ ਕਿਹਾ ਕਿ ਇਹ ਨਾ ਸਿਰਫ਼ ਅਰਵਿੰਦ ਕੇਜਰੀਵਾਲ ਲਈ, ਸਗੋਂ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ 23 ਹੋਰ ਦੋਸ਼ੀਆਂ ਲਈ ਵੀ ਨਿਆਂ ਦੀ ਜਿੱਤ ਹੈ। ਇਹ ਸਿਰਫ਼ ਇੱਕ ਕਾਨੂੰਨੀ ਜਿੱਤ ਨਹੀਂ ਹੈ, ਸਗੋਂ ਸੱਚਾਈ ਅਤੇ ਲੋਕਤੰਤਰ ਲਈ ਇੱਕ ਵੱਡੀ ਜਿੱਤ ਹੈ। ਆਮ ਆਦਮੀ ਪਾਰਟੀ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ ਸਿਧਾਂਤਾਂ ’ਤੇ ਸਥਾਪਤ ਕੀਤੀ ਗਈ ਸੀ ਅਤੇ ਇਸ ਅਦਾਲਤ ਦੇ ਫੈਸਲੇ ਨੇ ਇੱਕ ਵਾਰ ਫਿਰ ਇਨ੍ਹਾਂ ਕਦਰਾਂ-ਕੀਮਤਾਂ ਦੀ ਪੁਸ਼ਟੀ ਕੀਤੀ ਹੈ।ਉਨ੍ਹਾ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਰਾਜਨੀਤਕ ਸਾਜ਼ਿਸ਼ਾਂ ਰਾਹੀਂ ਪਾਰਟੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਪਰ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਨਿਆਂਪਾਲਿਕਾ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਦੋਸ਼ ਬੇਬੁਨਿਆਦ ਸਨ। ਬਾਲੀ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਲੋਕਾਂ ਵਿੱਚ ਪਾਰਟੀ ਦੀ ਭਰੋਸੇਯੋਗਤਾ ਹੋਰ ਮਜ਼ਬੂਤ ਹੋਵੇਗੀ।
ਦੀਪਕ ਬਾਲੀ ਨੇ ਕੇਜਰੀਵਾਲ ਨੂੰ ਰਾਸ਼ਟਰੀ ਰਾਜਨੀਤੀ ਦਾ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਥੰਮ੍ਹ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਟੀਚਾ ਸਿਰਫ ਸੱਤਾ ਹਾਸਲ ਕਰਨਾ ਨਹੀਂ ਹੈ, ਸਗੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਪਾਰਦਰਸ਼ੀ ਸ਼ਾਸਨ ਰਾਹੀਂ ਸਿਸਟਮ ਵਿੱਚ ਸਕਾਰਾਤਮਕ ਤਬਦੀਲੀ ਲਿਆਉਣਾ ਹੈ। ਉਨ੍ਹਾ ਕਿਹਾ ਕਿ ਦਿੱਲੀ ਮਾਡਲ ਨੇ ਸਾਬਤ ਕਰ ਦਿੱਤਾ ਹੈ ਕਿ ਇੱਛਾ ਸ਼ਕਤੀ ਅਤੇ ਇਮਾਨਦਾਰ ਲੀਡਰਸ਼ਿਪ ਨਾਲ ਵੱਡੇ ਬਦਲਾਅ ਸੰਭਵ ਹਨ।ਇਸ ਮੌਕੇ ਸੰਗਠਨਾਤਮਕ ਤਾਕਤ, ਭਵਿੱਖ ਦੀ ਰਾਜਨੀਤਕ ਰਣਨੀਤੀ ਅਤੇ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਪਾਰਟੀ ਦੇ ਵਿਸਥਾਰ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਲੀ ਨੇ ਕਿਹਾ ਕਿ ਭਾਜਪਾ ਦਾ ਘਿਨਾਉਣਾ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਹੋਰ ਵੀ ਹਮਲਾਵਰ ਢੰਗ ਨਾਲ ਜਨਤਕ ਹਿੱਤਾਂ ਦੇ ਮੁੱਦੇ ਉਠਾਏਗੀ ਅਤੇ ਭਿ੍ਰਸ਼ਟਾਚਾਰ ਅਤੇ ਰਾਜਨੀਤਕ ਬਦਲਾਖੋਰੀ ਦੀ ਰਾਜਨੀਤੀ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੀ ਹੋਵੇਗੀ।ਦੀਪਕ ਬਾਲੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਇੱਕਜੁੱਟ ਹੋ ਕੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ਅਤੇ ਦੇਸ਼ ਵਿੱਚ ਬਦਲਵੀਂ ਰਾਜਨੀਤੀ ਦੀ ਧਾਰ ਨੂੰ ਹੋਰ ਤਿੱਖਾ ਕਰੇਗੀ।



