ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ’ਚ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇਗਾ। ਉਨ੍ਹਾ ਲੋਕਾਂ ਨੂੰ ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ। ਮੋਦੀ ਨੇ ਸਾਬਕਾ ਭਾਰਤੀ ਜਨ ਸੰਘ ਦੇ ਆਗੂ ਦੀਨਦਿਆਲ ਉਪਾਧਿਆਏ ਨੂੰ ਵੀ ਸ਼ਰਧਾਂਜਲੀ ਦਿੱਤੀ, ਜਿਨ੍ਹਾ ਦੀ ਐਤਵਾਰ ਜਨਮ ਵਰ੍ਹੇਗੰਢ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਇਹ ਮੰਗ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੀ, ਜੋ ਹੁਣ ਪੂਰੀ ਹੋ ਗਈ ਹੈ। ਮਾਨ ਨੇ ਟਵੀਟ ਕੀਤਾ ਕਿ ਆਖਰਕਾਰ ਸਾਡੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਪਹਿਲਾਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਲਈ ਸਹਿਮਤ ਹੋ ਗਈਆਂ ਸਨ। ਇਹ ਫੈਸਲਾ ਪਿਛਲੇ ਮਹੀਨੇ ਉਨ੍ਹਾ ਦੀ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਸੀ।



