ਚੰਡੀਗੜ੍ਹ (ਗੁਰਜੀਤ ਬਿੱਲਾ/�ਿਸ਼ਨ ਗਰਗ)
ਆਮ ਆਦਮੀ ਪਾਰਟੀ ਦੀ ਦਿੱਲੀ ਦੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ‘ਆਪ’ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਮਣੇ ਆਈ ਹੈ। ਸਿੱਧੀ ਰਾਜਨੀਤਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੇਂਦਰ ’ਚ ਭਾਜਪਾ ਦੇ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ। ਉਨ੍ਹਾ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ, ਕਿਉਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ।
ਜੀ ਐੱਸ ਟੀ ਦਾ ਬਕਾਇਆ ਰੋਕਣ ਅਤੇ ਪੰਜਾਬ ਲਈ ਐਲਾਨੀ ਗਈ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਜਾਰੀ ਨਾ ਕਰਨ ਦਾ ਹਵਾਲਾ ਦਿੰਦਿਆਂ ਉਨ੍ਹਾ ਕਿਹਾ ਕਿ ਇਸ ਬੇਇਨਸਾਫ਼ੀ ਦਾ ਜਵਾਬ ਲੋਕ ਆਪਣੇ ਫਤਵੇ ਨਾਲ ਦੇਣਗੇ। ਉਨ੍ਹਾ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਵਾਲੀ ਰਾਜਨੀਤੀ ਪੰਜਾਬ ਨੂੰ ਦਬਾ ਨਹੀਂ ਸਕਦੀ ਅਤੇ ਕਿਹਾ ਕਿ ਦੇਸ਼ ਭਰ ਵਿੱਚ ਜਿੱਤ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ।
ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਆਗੂਆਂ ਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਐਤਵਾਰ ਜੰਤਰ-ਮੰਤਰ ’ਤੇ ਹੋਇਆ ਵਿਸ਼ਾਲ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਨਾ ਸਿਰਫ਼ ਦਿੱਲੀ, ਸਗੋਂ ਪੂਰਾ ਦੇਸ਼ ਆਪਣੇ ਲੋਕ ਨੇਤਾ ਅਰਵਿੰਦ ਕੇਜਰੀਵਾਲ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਭਾਜਪਾ ਨੇ ਆਪਣੀਆਂ ਏਜੰਸੀਆਂ ਦੀ ਵਰਤੋਂ ਕਰਕੇ ‘ਆਪ’ ਨੂੰ ਖਤਮ ਕਰਨ ਦੀ ਜਿਸ ਸਾਜ਼ਿਸ਼ ਰਾਹੀਂ ਕੋਸ਼ਿਸ਼ ਕੀਤੀ, ਉਹ ਹੁਣ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਈ ਹੈ। ਲੋਕਤੰਤਰ ਨੂੰ ਦਬਾਅ ਅਤੇ ਡਰ ਨਾਲ ਕੁਚਲਿਆ ਨਹੀਂ ਜਾ ਸਕਦਾ। ਪੰਜਾਬ ਦੀ ਧਰਤੀ ਤੋਂ ਮੈਂ ਸਪੱਸ਼ਟ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਜਿੱਥੇ ਵੀ ਬੇਇਨਸਾਫ਼ੀ ਹੋਵੇਗੀ, ਅਸੀਂ ਉਥੇ ਮਜ਼ਬੂਤੀ ਅਤੇ ਦਿ੍ਰੜ੍ਹਤਾ ਨਾਲ ਖੜ੍ਹਾਂਗੇ। ਇਹ ਕਿਸੇ ਇੱਕ ਵਿਅਕਤੀ ਦੀ ਲੜਾਈ ਨਹੀਂ, ਇਹ ਭਾਰਤ ਦੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਦੀ ਲੜਾਈ ਹੈ, ਜਿਸ ਲਈ ਸੰਘਰਸ਼ ਜਾਰੀ ਰਹੇਗਾ।ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਿੱਖਾ ਹਮਲਾ ਬੋਲਿਆ ਅਤੇ ਦਾਅਵਾ ਕੀਤਾ ਕਿ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।
ਕੇਜਰੀਵਾਲ ਨੇ ਪ੍ਰਧਾਨ ਮੰਤਰੀ ਅਤੇ ਸ਼ਾਹ ’ਤੇ ਆਬਕਾਰੀ ਨੀਤੀ ਮਾਮਲੇ ਵਿੱਚ ਉਨ੍ਹਾਂ ਨੂੰ ਫਸਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਅਦਾਲਤ ਦੇ ਹਾਲੀਆ ਇਤਿਹਾਸਕ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕੱਟੜ ਇਮਾਨਦਾਰ ਵਿਅਕਤੀ ਹਨ। ਕਈ ਰਾਜਾਂ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਹਰ ਕਿਸੇ ਤੋਂ ਡਰਦੇ ਹਨ ਅਤੇ ਦਾਅਵਾ ਕੀਤਾ ਕਿ ਜਦੋਂ ਕੋਈ ਜ਼ਾਲਮ ਡਰ ਜਾਂਦਾ ਹੈ, ਤਾਂ ਇਹ ਉਸ ਦੇ ਸ਼ਾਸਨ ਦੇ ਅੰਤ ਦਾ ਸੰਕੇਤ ਹੁੰਦਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾ ਸੋਨਮ ਵਾਂਗਚੁਕ ਨੂੰ ਜੇਲ੍ਹ ਭੇਜ ਦਿੱਤਾ, ਜੋ ਇੱਕ ਮਹਾਨ ਵਿਗਿਆਨੀ ਹਨ ਅਤੇ ਬੱਚਿਆਂ ਦੀ ਸਿੱਖਿਆ ਲਈ ਕੰਮ ਕਰਦੇ ਹਨ। ਮੋਦੀ ਜੀ ਇੱਕ ਦਿਨ ਸੰਸਦ ਵਿੱਚ ਨਹੀਂ ਗਏ, ਇਸ ਡਰ ਤੋਂ ਕਿ ਮਹਿਲਾ ਸੰਸਦ ਮੈਂਬਰ ਉਨ੍ਹਾਂ ’ਤੇ ਹਮਲਾ ਕਰ ਦੇਣਗੀਆਂ। ਉਹ ਟਰੰਪ ਤੋਂ ਵੀ ਡਰਦੇ ਹਨ। ਸਾਬਕਾ ਮੁੱਖ ਮੰਤਰੀ ਨੇ ਇਹ ਵੀ ਦੋਸ਼ ਲਾਇਆ ਕਿ ਦੇਸ਼ ਵਿੱਚ ਭਾਜਪਾ ਦੇ 12 ਸਾਲਾਂ ਦੇ ਸ਼ਾਸਨ ਵਿੱਚ ਸਾਰੇ ਖੇਤਰ ਬਰਬਾਦ ਹੋ ਗਏ ਹਨ ਅਤੇ ਸੜਕਾਂ, ਸਿਹਤ ਸੰਭਾਲ, ਸਿੱਖਿਆ ਅਤੇ ਸਫਾਈ ਆਦਿ ਦੀ ਹਾਲਤ ਮਾੜੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਆਤਿਸ਼ੀ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਹੋਰ ਕਈ ਸੀਨੀਅਰ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।





