ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਮੁੱਖ ਤਰਜੀਹ : ਭਗਵੰਤ ਮਾਨ

0
4

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਬੇਨਤੀ ਕੀਤੀ। ਟੈਲੀਫੋਨ ’ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਨੇ ਕਿਹਾ, ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ’ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ।