ਮੋਗਾ (ਇਕਬਾਲ ਸਿੰਘ ਖਹਿਰਾ)-ਬਾਘਾ ਪੁਰਾਣਾ ਕਸਬੇ ਦੀ ਮੁੱਖ ਮਾਰਕੀਟ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ਹੈਪੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 4 ਹਥਿਆਰਬੰਦ ਹਮਲਾਵਰਾਂ ਦੇ ਇੱਕ ਸਮੂਹ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਅਨੁਸਾਰ ਸ਼ੂਟਰਾਂ ਨੇ ਨੇੜਿਓਂ ਕਈ ਰਾਉਂਡ ਫਾਇਰ ਕੀਤੇ, ਜਿਸ ਨਾਲ ਸਰਪੰਚ ਨੂੰ ਬਚਣ ਦਾ ਕੋਈ ਮੌਕਾ ਨਹੀਂ ਮਿਲਿਆ ਅਤੇ ਹਮਲਾਵਰ ਭੀੜ ਵਾਲੇ ਬਾਜ਼ਾਰ ਵਿੱਚੋਂ ਵਾਰਦਾਤ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮੁੱਢਲੀਆਂ ਰਿਪੋਰਟਾਂ ਅਨੁਸਾਰ ਸਰਪੰਚ ਨੂੰ ਹਮਲੇ ਤੋਂ ਕੁਝ ਸਮਾਂ ਪਹਿਲਾਂ ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ ਅਤੇ ਪਰਵਾਰਕ ਮੈਂਬਰਾਂ ਤੇ ਸਾਥੀਆਂ ਨੇ ਸੰਕੇਤ ਦਿੱਤਾ ਹੈ ਕਿ ਇਹ ਧਮਕੀਆਂ ਚੱਲ ਰਹੇ ਸਥਾਨਕ ਵਿਵਾਦਾਂ ਨਾਲ ਜੁੜੀਆਂ ਹੋਈਆਂ ਸਨ। ਐੱਸ ਐੱਸ ਪੀ ਅਜੈ ਗਾਂਧੀ ਨੇ ਦਾਅਵਾ ਕੀਤਾ ਕਿ ਇਹ ਨਿੱਜੀ ਦੁਸ਼ਮਣੀ ਦਾ ਮਾਮਲਾ ਹੈ। ਉਨ੍ਹਾ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਨੂੰ ਜਲਦੀ ਫੜ ਲਿਆ ਜਾਵੇਗਾ।




