ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਮਹਿਲਾ ਉਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਤ ਕਰਨ ਅਤੇ ਉਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਦੀ ਹੈ।ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ।ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ’ ਪੋਰਟਲ ਰਾਹੀਂ 28,000 ਤੋਂ ਵੱਧ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਏਨੀ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਉਦਮਤਾ ਵਿੱਚ ਔਰਤਾਂ ਦੀ ਵਧਦੀ ਭਾਗੀਦਾਰੀ ਅਤੇ ਆਰਥਿਕ ਤੌਰ ’ਤੇ ਸੁਤੰਤਰ ਹੋਣ ਦੇ ਉਨ੍ਹਾਂ ਦੇ ਦਿ੍ਰੜ੍ਹ ਇਰਾਦੇ ਨੂੰ ਉਜਾਗਰ ਕਰਦੀਆਂ ਹਨ।
ਹੁਣ ਤੱਕ ਹਲਕਾ ਪੱਧਰ ’ਤੇ ਸਨਮਾਨ ਸਮਾਰੋਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜਿੱਥੇ ਸਥਾਨਕ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਮਹਿਲਾ ਉਦਮੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਛੋਟੇ ਕਾਰੋਬਾਰਾਂ, ਘਰੇਲੂ ਉਦਯੋਗਾਂ, ਖੇਤੀਬਾੜੀ ਨਾਲ ਸਬੰਧਤ ਉਦਮਾਂ ਅਤੇ ਵੱਖ-ਵੱਖ ਸੇਵਾ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਵੇਗਾ। ਪ੍ਰੋਗਰਾਮ ਅਧੀਨ ਸਨਮਾਨ ਦੇਣ ਦੀ ਪ੍ਰਕਿਰਿਆ ਕਈ ਪੜਾਵਾਂ ਵਿੱਚ ਚਲਾਈ ਜਾ ਰਹੀ ਹੈ। ਹਲਕਾ ਪੱਧਰ ’ਤੇ ਲਗਭਗ 11,700 ਮਹਿਲਾ ਉੱਦਮੀਆਂ ਨੂੰ ਸਨਮਾਨਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2,300 ਔਰਤਾਂ ਦੀ ਚੋਣ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮਾਨਤਾ ਲਈ ਕੀਤੀ ਜਾਵੇਗੀ, ਜਿੱਥੇ ਹਰੇਕ ਜ਼ਿਲ੍ਹੇ ਵਿੱਚੋਂ 100 ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਤ ਕੀਤਾ ਜਾਵੇਗਾ।ਪ੍ਰੋਗਰਾਮ ਦਾ ਅੰਤਮ ਪੜਾਅ 18 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਿੱਚ ਹੋਵੇਗਾ, ਜਿੱਥੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਤ ਕੀਤਾ ਜਾਵੇਗਾ। ਔਰਤਾਂ ਵਿੱਚੋਂ ਹਰੇਕ ਨੂੰ ਉਨ੍ਹਾਂ ਦੀਆਂ ਉਦਮੀ ਪ੍ਰਾਪਤੀਆਂ ਦੀ ਮਾਨਤਾ ਵਜੋਂ 25,000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।ਪੰਜਾਬ ਸਰਕਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਿਰਫ਼ 8 ਮਾਰਚ ਦੇ ਇੱਕ ਦਿਨ ਦੇ ਸਮਾਗਮ ਵਜੋਂ ਨਹੀਂ, ਸਗੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਤ ਮਹੀਨਾ ਭਰ ਚੱਲਣ ਵਾਲੇ ਜਸ਼ਨ ਵਜੋਂ ਮਨਾ ਰਹੀ ਹੈ।





