ਕਾਂਗਰਸ ਨੇ ਆਪਣੇ ਰਾਜ ’ਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ : ਅਮਨ ਅਰੋੜਾ

0
6

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2017 ਤੋਂ 2022 ਤੱਕ ਸੱਤਾ ਵਿੱਚ ਰਹੀ ਕਾਂਗਰਸ ਸਰਕਾਰ ਨੇ ਜਨਤਾ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸੀ, ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਆਪਣੀਆਂ ਲੱਗਭੱਗ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਕਾਂਗਰਸ ਪਾਰਟੀ ਸਰਕਾਰ ਦੀ ਚਾਰ ਸਾਲਾਂ ਦੀ ਬਿਹਤਰੀਨ ਕਾਰਗੁਜ਼ਾਰੀ ’ਤੇ ਚਰਚਾ ਕਰਨ ਤੋਂ ਭੱਜ ਰਹੀ ਹੈ। ਉਨ੍ਹਾ ਕਿਹਾ ਕਿ ਕਾਂਗਰਸ ਨੇ 2017 ਵਿੱਚ ‘ਘਰ-ਘਰ ਨੌਕਰੀ’ ਦੇਣ ਅਤੇ ਬੇਰੁਜ਼ਗਾਰਾਂ ਨੂੰ 2500 ਰੁਪਏ ਮਹੀਨਾ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਜੋ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਰਿਹਾ। ਅਰੋੜਾ ਨੇ ਇਲਜ਼ਾਮ ਲਾਇਆ ਕਿ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਿਆ ਹੀ ਨਹੀਂ ਹੈ, ਜਿਸ ਕਾਰਨ ਉਹ ਸਦਨ ਵਿੱਚ ਬਿਨਾਂ ਕਾਰਨ ਹੰਗਾਮਾ ਕਰ ਰਹੇ ਹਨ। ਉਨ੍ਹਾ ਕਿਹਾ ਕਿ ਵਿਰੋਧੀ ਧਿਰ ਕੋਲ ਸਰਕਾਰ ਦੀਆਂ ਪ੍ਰਾਪਤੀਆਂ ਦਾ ਕੋਈ ਜਵਾਬ ਨਹੀਂ ਹੈ, ਇਸ ਲਈ ਉਹ ਬਹਿਸ ਤੋਂ ਭੱਜਣ ਲਈ ਵਾਕਆਊਟ ਅਤੇ ਨਾਅਰੇਬਾਜ਼ੀ ਦਾ ਸਹਾਰਾ ਲੈ ਰਹੇ ਹਨ।