ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ’ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ ’ਤੇ ਦਰਸਾਉਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ ‘ਆਪ’ ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ।
‘ਮੁੱਖ ਮੰਤਰੀ ਮਾਵਾਂ-ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਹੋਏ ਮਾਨ ਨੇ ਕਿਹਾ ਕਿ ਪੰਜਾਬ ਵਿਕਾਸ ਦੇ ਰਾਹ ’ਤੇ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਦੀ ਗਤੀ ਤੇਜ਼ ਹੋਵੇਗੀ।ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਕੀਤੇ ਧੰਨਵਾਦ ਪ੍ਰਸਤਾਵ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ, ਉਹ ਵੀ ਸਮਾਂ ਸੀ, ਜਦੋਂ ਚੋਣ ਮੈਨੀਫੈਸਟੋ ਨੂੰ ਕੋਈ ਪੜ੍ਹਦਾ ਤੱਕ ਨਹੀਂ ਸੀ, ਕਿਉਕਿ ਰਵਾਇਤੀ ਪਾਰਟੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਮੈਨੀਫੈਸਟੋ ਜਾਰੀ ਕਰਕੇ ਖਾਨਾਪੂਰਤੀ ਕਰਦੀਆਂ ਸਨ। ਰਵਾਇਤੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਵਿੱਚ ਧਰਮ-ਜਾਤ ਦੀ ਗੱਲ ਹੁੰਦੀ ਸੀ, ਪਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਤਿਹਾਸਕ ਪਹਿਲ ਕਰਦਿਆਂ ਆਮ ਲੋਕਾਂ ਲਈ ਮਿਆਰੀ ਸਿਹਤ ਤੇ ਸਿੱਖਿਆ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ। ਰਵਾਇਤੀ ਪਾਰਟੀਆਂ ਨੂੰ ਵੀ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸਿਹਤ-ਸਿੱਖਿਆ ਦੇ ਖੇਤਰਾਂ ਨੂੰ ਸ਼ਾਮਲ ਕਰਨ ਲਈ ਮਜਬੂਰ ਹੋਣਾ ਪਿਆ, ਜਿਸ ਲਈ ਉਹ ਅਰਵਿੰਦ ਕੇਜਰੀਵਾਲ ਦੇ ਧੰਨਵਾਦੀ ਹਨ।ਚਾਰ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਧੰਨਵਾਦੀ ਹਨ, ਜਿਸ ਨੇ ਉਨ੍ਹਾ ਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖਸ਼ਿਆ ਹੈ।
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਸੂਬੇ ਵਿੱਚ ਖਾਸ ਕਰਕੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਚੱਲ ਰਹੀ ਹੈ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1000 ਰੁਪਏ ਅਤੇ ਐੱਸ ਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰੀਬ ਲੋਕਾਂ ਦੀ ਜ਼ਿੰਦਗੀ ਵਿੱਚ 1000-1500 ਰੁਪਏ ਦੀ ਬਹੁਤ ਵੱਡੀ ਅਹਿਮੀਅਤ ਹੁੰਦੀ ਹੈ। ਉਨ੍ਹਾ ਕਿਹਾ ਕਿ ਸਰਕਾਰ ਦੀ ਇਹ ਰਾਸ਼ੀ ਮਾਵਾਂ-ਧੀਆਂ ਲਈ ਸਤਿਕਾਰ ਹੈ। ਇਸ ਯੋਜਨਾ ਨਾਲ ਔਰਤਾਂ ਦੇ ਚਿਹਰਿਆਂ ਦੀ ਖੁਸ਼ੀ ਉਨ੍ਹਾਂ ਦੇ ਮਨ ਨੂੰ ਸਕੂਨ ਦਿੰਦੀ ਹੈ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।
ਪੰਜਾਬ ਦੇ ਹਰੇਕ ਪਰਵਾਰ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣ ਲਈ ‘ਮੇਰੀ ਰਸੋਈ’ ਸਕੀਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਪਰਵਾਰ ਚੰਗੀ ਖੁਰਾਕ ਨਾ ਮਿਲਣ ਕਰਕੇ ਪੌਸ਼ਟਿਕ ਤੱਤਾਂ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਉਤੇ ਬੁਰਾ ਅਸਰ ਪੈਂਦਾ ਹੈ। ਉਨ੍ਹਾ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਵਾਰ ਨੂੰ ਰਸਦ ਵਿੱਚ ਖੰਡ, ਦਾਲ, ਸਰੋ੍ਹਂ ਦਾ ਤੇਲ, ਲੂਣ ਮਿਲੇਗਾ। ਇਸ ਯੋਜਨਾ ਲਈ 1000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਹੇਠ ਕੀਤੇ ਉਪਰਾਲਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਭਰੋਸਾ ਵਧ ਰਿਹਾ ਹੈ ਅਤੇ ਕਲੀਨਿਕਾਂ ਦੀ ਓ ਪੀ ਡੀ ਵਿੱਚ ਆਉਣ ਵਾਲਿਆਂ ਦੀ ਗਿਣਤੀ 5 ਕਰੋੜ ਤੋਂ ਪਾਰ ਹੋ ਚੁੱਕੀ ਹੈ, ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਹਰੇਕ ਪਰਵਾਰ ਨੂੰ ਮੁਫਤ ਇਲਾਜ ਦੇਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਹੈ ਅਤੇ ਇਹ ਦੇਸ਼ ਦੀ ਪਹਿਲੀ ਸਕੀਮ ਹੈ, ਜਿਸ ਵਿੱਚ ਹਰੇਕ ਪਰਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ। ਉਨ੍ਹਾ ਕਿਹਾ ਕਿ ਇਸ ਯੋਜਨਾ ਹੇਠ ਸਰਕਾਰੀ ਤੇ ਪ੍ਰਾਈਵੇਟ 900 ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਲੋਕਾਂ ਨੂੰ ਹਸਪਤਾਲਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਸੂਚੀ ਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, ਕੈਨੇਡਾ ਵਰਗੇ ਵਿਕਸਤ ਮੁਲਕਾਂ ਵਿੱਚ ਵੀ ਇਲਾਜ ਲਈ ਸਿਹਤ ਬੀਮੇ ਦੀ ਕਿਸ਼ਤ ਭਰਨੀ ਪੈਂਦੀ ਹੈ, ਪਰ ਪੰਜਾਬ ਵਿੱਚ ਸਾਰਾ ਇਲਾਜ ਮੁਫ਼ਤ ਦਿੱਤਾ ਜਾ ਰਿਹਾ ਹੈ।
ਸਦਨ ਵਿੱਚੋਂ ਵਾਕਆਊਟ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਟੋਧਾੜ ਦਾ ਸ਼ਿਕਾਰ ਹੋਈ ਕਾਂਗਰਸ ਨੂੰ 2027 ਵਿੱਚ ਬਹੁਤ ਬੁਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਕਾਂਗਰਸ ਦੀ ਹਾਲਤ ਇਹ ਹੋਣੀ ਹੈ ਕਿ ਪੰਜਾਬ ਦੇ ਲੋਕਾਂ ਨੇ ਸਦਨ ਵਿੱਚ ਵਿਰੋਧੀ ਧਿਰ ਵਾਲੇ ਬੈਂਚ ’ਤੇ ਬੈਠਣ ਲਈ ਇਕ ਵਿਧਾਇਕ ਵੀ ਜਿਤਾ ਕੇ ਨਹੀਂ ਭੇਜਣਾ।





