ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਖੇਤਰ ਲਈ ਗੰਭੀਰ ਖ਼ਤਰਾ ਸਾਬਤ ਹੋ ਸਕਦਾ ਹੈ।ਉਨ੍ਹਾ ਕਿਹਾ ਕਿ ਇਹ ਸਮਝੌਤਾ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਨੁਕਸਾਨਦਾਇਕ ਹੋ ਸਕਦਾ ਹੈ, ਜਿਨ੍ਹਾਂ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਇਤਿਹਾਸਕ ਕਿਸਾਨ ਅੰਦੋਲਨ ਹੋਇਆ ਸੀ।ਪੰਜਾਬ ਵਿਧਾਨ ਸਭਾ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ’ਤੇ ਚਰਚਾ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਭਾਰਤ ਦਾ ਖੇਤੀਬਾੜੀ ਬਾਜ਼ਾਰ ਭਾਰੀ ਸਬਸਿਡੀ ਵਾਲੇ ਅਮਰੀਕੀ ਉਤਪਾਦਾਂ ਲਈ ਖੋਲ੍ਹਿਆ ਗਿਆ ਤਾਂ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਲਈ ਮੁਕਾਬਲਾ ਕਰਨਾ ਬਹੁਤ ਮੁਸ਼ਕਲ ਹੋ ਜਾਵੇਗਾ।ਇਸ ਮਸਲੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਸ ਪ੍ਰਸਤਾਵਿਤ ਸਮਝੌਤੇ ਦੇ ਵਿਰੋਧ ਵਿੱਚ ਨਿੰਦਾ ਮਤਾ ਪਾਸ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੀ ਖੇਤੀਬਾੜੀ ਪ੍ਰਭੂਸੱਤਾ ਨੂੰ ਕਮਜ਼ੋਰ ਕਰ ਸਕਦਾ ਹੈ ਅਤੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੇ ਰਹਿਮੋ-ਕਰਮ ’ਤੇ ਛੱਡ ਸਕਦਾ ਹੈ। ਉਨ੍ਹਾ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਇਸ ਮਾਮਲੇ ’ਤੇ ਰਾਜਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਖੇਤੀਬਾੜੀ ਦਾ ਢਾਂਚਾ ਭਾਰਤ ਨਾਲੋਂ ਕਾਫ਼ੀ ਵੱਖਰਾ ਹੈ। ਉੱਥੇ ਵੱਡੀਆਂ ਜ਼ਮੀਨਾਂ, ਉੱਚ ਸਬਸਿਡੀਆਂ ਅਤੇ ਵੱਡੇ ਪੈਮਾਨੇ ’ਤੇ ਉਤਪਾਦਨ ਕਰਕੇ ਉਤਪਾਦ ਸਸਤੇ ਪੈਂਦੇ ਹਨ, ਜਿਸ ਕਰਕੇ ਭਾਰਤੀ ਕਿਸਾਨਾਂ ਲਈ ਉਨ੍ਹਾਂ ਨਾਲ ਮੁਕਾਬਲਾ ਕਰਨਾ ਮੁਸ਼ਕਲ ਹੋ ਸਕਦਾ ਹੈ।ਉਨ੍ਹਾ ਦੱਸਿਆ ਕਿ ਪੰਜਾਬ ਵਿੱਚ ਮੱਕੀ ਅਤੇ ਨਰਮੇ ਵਰਗੀਆਂ ਫਸਲਾਂ ਇਸ ਸਮਝੌਤੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੀਆਂ ਹਨ।
ਮੁੱਖ ਮੰਤਰੀ ਨੇ ਚਿੰਤਾ ਜਤਾਈ ਕਿ ਅਮਰੀਕਾ ਤੋਂ ਸਸਤੇ ਸੋਇਆ ਫੀਡ, ਮੱਕੀ ਅਤੇ ਹੋਰ ਖੇਤੀਬਾੜੀ ਉਤਪਾਦਾਂ ਦੀ ਆਮਦ ਨਾਲ ਦੇਸ਼ੀ ਫਸਲਾਂ ਦੀਆਂ ਕੀਮਤਾਂ ਘੱਟ ਸਕਦੀਆਂ ਹਨ।ਇਸ ਨਾਲ ਪੰਜਾਬ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ।ਉਨ੍ਹਾ ਕਿਹਾ ਕਿ ਕੁਝ ਗੈਰ-ਟੈਰਿਫ ਸ਼ਰਤਾਂ ਵਿੱਚ ਢਿੱਲ ਦੇਣ ਨਾਲ ਜੀ ਐੱਮ ਓ ਸਮੱਗਰੀ ਦੇ ਦਾਖਲੇ ਅਤੇ ਨਵੇਂ ਕੀੜਿਆਂ ਜਾਂ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ, ਜੋ ਖੇਤੀਬਾੜੀ ਪ੍ਰਣਾਲੀ ਲਈ ਹਾਨੀਕਾਰਕ ਹੋ ਸਕਦਾ ਹੈ।ਮੁੱਖ ਮੰਤਰੀ ਨੇ ਕੇਂਦਰ ਸਰਕਾਰ ’ਤੇ ਇਹ ਦੋਸ਼ ਵੀ ਲਗਾਇਆ ਕਿ ਉਹ ਪੰਜਾਬ ਦੇ ਪੇਂਡੂ ਵਿਕਾਸ ਫੰਡ, ਜੀ ਐੱਸ ਟੀ ਅਤੇ ਨੈਸ਼ਨਲ ਹੈਲਥ ਮਿਸ਼ਨ ਨਾਲ ਸਬੰਧਤ ਫੰਡ ਜਾਰੀ ਕਰਨ ਵਿੱਚ ਦੇਰੀ ਕਰ ਰਹੀ ਹੈ। ਇਹ ਕਦਮ ਪੰਜਾਬ ਨਾਲ ਅਨਿਆਂ ਦੀ ਨਿਸ਼ਾਨੀ ਹਨ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਣ ਵਾਲਿਆਂ ਨੂੰ ਦੇਸ਼ ਵਿਰੋਧੀ ਨਹੀਂ ਕਿਹਾ ਜਾਣਾ ਚਾਹੀਦਾ।ਮੁੱਖ ਮੰਤਰੀ ਨੇ ਅੰਤ ਵਿੱਚ ਕਿਸਾਨ ਯੂਨੀਅਨਾਂ, ਖੇਤੀਬਾੜੀ ਮਾਹਰਾਂ ਅਤੇ ਬੁੱਧੀਜੀਵੀਆਂ ਨੂੰ ਇਸ ਸਮਝੌਤੇ ਵਿਰੁੱਧ ਇੱਕਜੁੱਟ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ, ‘ਭਾਰਤੀ ਖੇਤੀਬਾੜੀ ਦੇ ਭਵਿੱਖ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ।ਨਹੀਂ ਤਾਂ ਕੇਂਦਰ ਸਰਕਾਰ ਦੇਸ਼ ਅਤੇ ਇਸਦੇ ਲੋਕਾਂ ਦੇ ਅਧਿਕਾਰਾਂ ਨੂੰ ਲੁੱਟ ਲਵੇਗੀ ਅਤੇ ਉਨ੍ਹਾਂ ਨੂੰ ਅਮਰੀਕਾ ਦੇ ਸਾਹਮਣੇ ਗਿਰਵੀ ਰੱਖ ਦੇਵੇਗੀ।ਅਜਿਹਾ ਮਾੜੇ ਕੰਮ ਨਾ ਤਾਂ ਸਵੀਕਾਰਯੋਗ ਹੈ ਅਤੇ ਨਾ ਹੀ ਫਾਇਦੇਮੰਦ ਹਨ।’ ਪੰਜਾਬ ਵਿਧਾਨ ਸਭਾ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ।





