ਮੁਹਾਲੀ : ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਐਲ ਪੀ ਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਐਲ ਪੀ ਜੀ ਦੀ ਕਮੀ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਐਲ ਪੀ ਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਨਿਰਧਾਰਤ ਕੀਮਤ ਤੋਂ ਵੱਧ ਪੈਸੇ ਵਸੂਲਦਾ ਪਾਇਆ ਗਿਆ ਤਾਂ ਉਸ ਵਿਰੁੱਧ ਕੜੀ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸਿਲੰਡਰਾਂ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਲਈ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਗਿਆ ਹੈ।




