ਖਹਿਰਾ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਦੋ ਮਤੇ ਪਾਸ

0
5

ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਪਿਛਲੇ ਦਿਨੀਂ ਸੋਸ਼ਲ ਮੀਡੀਆ ’ਤੇ ਆਪ ਵਿਧਾਇਕਾਂ ਨੂੰ ਬੰਧੂਆ ਮਜ਼ਦੂਰ ਕਹਿਣ ਲਈ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਤਾ ਪੇਸ਼ ਕੀਤਾ। ਉਨ੍ਹਾ ਕਿਹਾ ਕਿ ਸੁਖਪਾਲ ਖਹਿਰਾ ਵੱਲੋਂ ਇਸ ਟਿੱਪਣੀ ਲਈ ਮੁਆਫੀ ਮੰਗਣ ਤੋਂ ਵੀ ਇਨਕਾਰ ਕਰ ਦਿੱਤਾ ਹੈ, ਇਹ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਦੀ ਬੇਇੱਜ਼ਤੀ ਕਰਨਾ ਹੈ। ਇਸ ਲਈ ਇਸ ਮਾਮਲੇ ’ਤੇ ਬਣਦੀ ਕਾਰਵਾਈ ਕਰਨ ਲਈ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜਿਆ ਜਾਵੇ। ਪੰਜਾਬ ਵਿਧਾਨ ਸਭਾ ਵਿੱਚ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਮਤਾ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ। ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਵੱਲੋਂ ਸੁਖਪਾਲ ਖਹਿਰਾ ਵੱਲੋਂ ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਤੇ ਔਰਤਾਂ ਸੰਬੰਧੀ ਟਿੱਪਣੀ ਨੂੰ ਲੈ ਕੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਤਾ ਪੇਸ਼ ਕੀਤਾ ਗਿਆ। ਉਨ੍ਹਾ ਕਿਹਾ ਕਿ ਇਹ ਔਰਤ ਸਮਾਜ ਦਾ ਨਿਰਾਦਰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਮਾਮਲੇ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜਿਆ ਜਾਵੇ, ਤਾਂ ਜੋ ਖਹਿਰਾ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਧਾਇਕ ਰਜਿੰਦਰ ਪਾਲ ਕੌਰ ਵੱਲੋਂ ਪੇਸ਼ ਕੀਤਾ ਗਿਆ ਮਤਾ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਛੇਵੇਂ ਦਿਨ ਸ਼ੁਰੂਆਤ ਵਿੱਚ ਪ੍ਰਸ਼ਨ ਕਾਲ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਲੈਕਚਰਾਰਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਮੁੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਛੱਡ ਕੇ ਹੋਰਨਾਂ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਲੋੜ ਪੈਣ ’ਤੇ ਹੀ ਸਰਕਾਰੀ ਕੰਮਕਾਜ ਲਈ ਡਿਊਟੀਆਂ ਲਗਾਈਆਂ ਜਾਣਗੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਨਕਾਲ ਦੌਰਾਨ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਜਾਣ ਲਈ ਦਿੱਤੀ ਜਾਣ ਵਾਲੀ ਟਰਾਂਸਪੋਰਟ ਸਹੂਲਤ ਨੂੰ ਸੂਬੇ ਵਿੱਚ ਹੋਰ ਵਧਾਇਆ ਜਾਵੇਗਾ। ਉਹਨਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਚ ਨੂੰ ਅਪੀਲ ਕੀਤੀ ਕਿ ਉਹ ਇਸ ਸੰਬੰਧੀ ਤਜਵੀਜ਼ ਤਿਆਰ ਕਰਨ ਤਾਂ ਜੋ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਦਾ ਲਾਭ ਦਿੱਤਾ ਜਾ ਸਕੇ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ 200 ਸਰਕਾਰੀ ਸਕੂਲਾਂ ਵਿੱਚ ਮੌਜੂਦਾ ਸਮੇਂ ਟਰਾਂਸਪੋਰਟੇਸ਼ਨ ਦੀ ਸਹੂਲਤ ਸਫਲਤਾ-ਪੂਰਵਕ ਦਿੱਤੀ ਜਾ ਰਹੀ ਹੈ।