ਮੁਹਾਲੀ, (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੁਜ਼ਗਾਰ’ ਪਹਿਲਕਦਮੀ ਤਹਿਤ ਵੀਰਵਾਰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ।
ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੁਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾ ਕਿਹਾ, ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਂਪੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਸ਼ਾਮਲ ਹਨ। ਉਨ੍ਹਾ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ 65,264 ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਵਿਭਾਗ ਵਿੱਚ ਇਸ ਵੇਲੇ 1,750 ਹੋਰ ਉਮੀਦਵਾਰਾਂ ਦੀ ਭਰਤੀ ਚੱਲ ਰਹੀ ਹੈ ਅਤੇ ਜੂਨ ਤੱਕ ਇਹ ਵੀ ਪੂਰੀ ਹੋ ਜਾਵੇਗੀ।
ਸਾਲ 2022 ਤੋਂ ਪਹਿਲਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰਾਂ ਦੁਆਰਾ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾ ਕਿਹਾ ਕਿ ਇਹ ਮੰਦਭਾਗਾ ਹੈ ਕਿ ਲਗਭਗ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਇਨ੍ਹਾਂ ਸਾਡੀਆਂ ਪੀੜ੍ਹੀਆਂ ਦਾ ਭਵਿੱਖ ਤਬਾਹ ਕਰ ਦਿੱਤਾ, ਜਿਸ ਕਾਰਨ ਉਹ ਕਿਸੇ ਵੀ ਤਰ੍ਹਾਂ ਰਹਿਮ ਦੇ ਹੱਕਦਾਰ ਨਹੀਂ ਹਨ।ਸਮਾਗਮ ਵਾਲੀ ਥਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਨੂੰ ਵਿਕਾਸ ਭਵਨ ਕਿਹਾ ਜਾਂਦਾ ਹੈ, ਪਰ ਇੱਥੋਂ ਵੱਡੀ ਗਿਣਤੀ ਵਿੱਚ ਨੌਕਰੀਆਂ ਮਿਲਣ ਕਾਰਨ ਇਸ ਦਾ ਨਾਂਅ ‘ਅਪਾਇੰਟਮੈਂਟ ਲੈਟਰ ਭਵਨ’ ਰੱਖਿਆ ਜਾ ਸਕਦਾ ਹੈ। ਉਹਨਾ ਕਿਹਾ, ‘ਮੈਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ’ਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾਂ ਹਾਂ।’




